ਮਸਲਾ ਪੰਜਾਬ ਦੀ ਪਰਾਲੀ ਦਾ : ਕੇਂਦਰੀ ਮੰਤਰੀ ਨੇ ਘੇਰੀ ਆਮ ਆਦਮੀ ਪਾਰਟੀ ਲਾਏ ਗੰਭੀਰ ਦੋਸ਼

Global Team
3 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ਅੰਦਰ ਦਿਨੋਂ ਦਿਨ ਵਧ ਰਿਹਾ ਪ੍ਰਦੂਸ਼ਣ ਮੁਸ਼ਕਿਲ ਦਾ ਕਾਰਨ ਬਣਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਚਿੰਤਾ ਪ੍ਰਗਟ ਕੀਤੀ ਗਈ ਹੈ।ਇਸ ਮਸਲੇ *ਤੇ ਹੁਣ ਸਿਆਸਤ ਵੀ ਤੇਜ਼ ਹੋ ਗਈ ਹੈ। ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਵੱਲੋਂ ਇਸ ਮਸਲੇ *ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਦੇ ਪੱਧਰ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਦਿੱਲੀ ‘ਗੈਸ ਚੈਂਬਰ’ ਬਣ ਗਈ ਹੈ ਤਾਂ ਇਸ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ ਹੈ। ਕੇਂਦਰੀ ਮੰਤਰੀ ਨੇ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਅਤੇ ਵਿਗੜਦੀ ਹਵਾ ਦੀ ਗੁਣਵੱਤਾ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ।

ਉਨ੍ਹਾਂ ਨੇ ਆਪਣੇ ਟਵੀਟ ਚ ਲਿਖਿਆ ਕਿ ”ਜੇਕਰ ਅੱਜ ਦੀ ਗੱਲ ਕਰੀਏ ਤਾਂ ਪੰਜਾਬ ਚ ਜਿੱਥੇ ਆਪ ਦੀ ਸਰਕਾਰ ਹੈ, ਉੱਥੇ ਖੇਤਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਚ 19 ਫੀਸਦੀ ਦਾ ਵਾਧਾ ਹੋਇਆ ਹੈ। ਜਦੋਂ ਕਿ ਹਰਿਆਣਾ ਵਿੱਚ ਅਜਿਹੀਆਂ ਘਟਨਾਵਾਂ ਵਿੱਚ 30.6 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਵੀ ਪੰਜਾਬ ਵਿੱਚ ਖੇਤਾਂ ਨੂੰ ਅੱਗ ਲਾਉਣ ਦੀਆਂ ਕੁੱਲ 3,634 ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਸਾਫ ਹੋ ਗਿਆ ਹੈ ਕਿ ਦਿੱਲੀ ਚ ਪ੍ਰਦੂਸ਼ਣ ਦੀ ਹਾਲਤ ਲਈ ਕੌਣ ਜ਼ਿੰਮੇਵਾਰ ਹੈ।”

ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਵਿੱਚ ਕੇਂਦਰ ਨੇ ਪੰਜਾਬ ਸਰਕਾਰ ਨੂੰ 1347 ਕਰੋੜ ਰੁਪਏ ਦਿੱਤੇ ਹਨ ਤਾਂ ਜੋ ਸੂਬਾ ਸਰਕਾਰ ਖੇਤੀ ਸੰਦ ਖਰੀਦ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ 1,20,000 ਮਸ਼ੀਨਾਂ ਖਰੀਦੀਆਂ ਹਨ, ਜਿਨ੍ਹਾਂ ਵਿੱਚੋਂ 11,275 ਮਸ਼ੀਨਾਂ ਗਾਇਬ ਹੋ ਗਈਆਂ ਹਨ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਕੇਂਦਰ ਵੱਲੋਂ ਦਿੱਤੇ ਪੈਸੇ ਦੀ ਜਿਸ ਤਰ੍ਹਾਂ ਵਰਤੋਂ ਕੀਤੀ ਗਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਭ ਕੁਝ ਠੀਕ ਨਹੀਂ ਹੈ।
ਦੂਜੇ ਪਾਸੇ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ਪ੍ਰਦੂਸ਼ਣ ਦੇ ਮੱਦੇਨਜ਼ਰ ਪੂਰੇ ਦਿੱਲੀ ਵਿੱਚ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ ਹੈ। ਮੈਂ ਕਿਰਤ ਮੰਤਰੀ ਮਨੀਸ਼ ਸਿਸੋਦੀਆ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਿਆਦ ਦੌਰਾਨ ਹਰੇਕ ਉਸਾਰੀ ਮਜ਼ਦੂਰ ਨੂੰ ਵਿੱਤੀ ਸਹਾਇਤਾ ਵਜੋਂ 5000 ਰੁਪਏ ਪ੍ਰਤੀ ਮਹੀਨਾ ਦੇਣ।

Share This Article
Leave a Comment