ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਵਾਇਰਸ ਵਿਰੁੱਧ ਜਾਰੀ ਜੰਗ ਵਿਚ ਮਦਦ ਲਈ ਲੋਕ ਸਰਕਾਰੀ ਕਰਮਚਾਰੀ, ਸਿਆਸਤਦਾਨ ਅਤੇ ਹੋਰ ਲੋਕ ਲਗਾਤਾਰ ਅੱਗੇ ਆ ਰਹੇ ਹਨ । ਹੁਣ ਜੇਲ੍ਹ ਵਿਭਾਗ ਵਲੋਂ ਵੀ ਕੋਰੋਨਾ ਵਿਰੁੱਧ ਜਾਰੀ ਜੰਗ ਵਿਚ ਵੱਡਾ ਯੋਗਦਾਨ ਪਾਉਂਦਿਆਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਦਾਨ ਕੀਤੇ ਗਏ ਹਨ ।
ਦੱਸ ਦੇਈਏ ਕਿ ਇਸ ਸਬੰਧੀ ਪੁਸ਼ਟੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਜੇਲ੍ਹ ਵਿਭਾਗ ਦੇ ਸਮੂਹ ਕਰਮਚਾਰੀਆਂ ਵਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਪਣੀ ਇਕ ਦਿਨ ਦੀ ਤਨਖਾਹ ਦਾਨ ਦੇਣ ਦਾ ਐਲਾਨ ਕੀਤਾ ਗਿਆ ਹੈ ।
ਸੁਖਜਿੰਦਰ ਸਿੰਘ ਰੰਧਾਵਾ ਅਨੁਸਾਰ ਇਹ ਰਾਸ਼ੀ 37 ਲੱਖ ਦੇ ਕਰੀਬ ਬਣੇਗੀ ਅਤੇ ਇਸ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾਵੇਗਾ। ਉਨ੍ਹਾਂ ਇਸ ਨੇਕ ਕਮ ਲਈ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਜਿਥੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ ਉਥੇ ਦਾਨ ਰਾਸ਼ੀ ਰਾਹੀਂ ਵੀ ਆਪਣਾ ਯੋਗਦਾਨ ਪਾ ਰਹੇ ਹਨ।