ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਆਖਿਆ ਕਿ ਉਹ ਸਪਸ਼ਟ ਕਰੇ ਕਿ ਕੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ, ਖਰੀਦ ਵਿਚ ਕਟੌਤੀਆਂ ਤੇ ਡੀਏਪੀ ਦੀ ਘਾਟ ਦਾ ਕਿਸਾਨਾਂ ਵੱਲੋਂ ਵਿਰੋਧ ਕਰਨ ਦੇ ਮਾਮਲੇ ਵਿਚ ਉਹਨਾਂ ਖਿਲਾਫ ਬਿਆਨਬਾਜ਼ੀ ਲਈ ਬਿੱਟੂ ਦੇ ਬਿਆਨਾ ਨਾਲ ਪਾਰਟੀ ਆਪ ਖੜ੍ਹੀ ਹੈ ਜਾਂ ਫਿਰ ਉਹ ਉਨ੍ਹਾਂ ਦੇ ਨਿੱਜੀ ਬਿਆਨ ਹਨ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਗਈ ਹੈ। ਉਹਨਾਂ ਖਿਲਾਫ ਝੂਠੇ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਭਾਜਪਾ ਨੇ ਇਸ ਮੁੱਦੇ ‘ਤੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਬਿੱਟੂ ਵੱਲੋਂ ਫੈਲਾਈ ਜਾ ਰਹੀ ਨਫ਼ਰਤ ਨੂੰ ਪਾਰਟੀ ਦਾ ਸਮਰਥਨ ਹੈ ਜਾਂ ਇਹ ਸੰਸਦ ਮੈਂਬਰ ਦਾ ਨਿੱਜੀ ਏਜੰਡਾ ਹੈ। ਮਜੀਠੀਆ ਨੇ ਕਿਹਾ ਕਿਬਜਾਏ ਅਜਿਹੀਆਂ ਵੰਡ ਪਾਊ ਰਾਜਨੀਤੀ ਵਿਚ ਸ਼ਾਮਿਲ ਹੋਣ ਵਾਲੇ ਬਿਆਨਾਂ ਦੇ, ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਜ਼ਖ਼ਮਾਂ ’ਤੇ ਮਰਹਮ ਲਾਉਣ ਦਾ ਕੰਮ ਕਰੇ। ਉਹਨਾਂ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਦੌਰਾਨ 800 ਕਿਸਾਨਾਂ ਦੇ ਸ਼ਹੀਦ ਹੋਣ ਦੀ ਗੱਲ ਨਹੀਂ ਭੁੱਲ ਸਕਦੇ। ਹਾਲ ਹੀ ਵਿਚ ਅਸੀਂ ਵੇਖਿਆ ਕਿ ਖਨੌਰੀ ਬਾਰਡਰ ’ਤੇ ਕਿਵੇਂ ਕਿਸਾਨ ਸ਼ੁਭਕਰਨ ਸਿੰਘ ਦਾ ਕਤ.ਲ ਕੀਤਾ ਗਿਆ ਤੇ ਕਿਵੇਂ ਹਰਿਆਣਾ ਪੁਲਿਸ ਨੇ ਕਿਸਾਨ ਪ੍ਰੀਤਪਾਲ ਸਿੰਘ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ਵਿੱਚੋਂ ਅਨਾਜ ਚੁੱਕਣ ਵਿੱਚ ਨਾਕਾਮ ਰਹੀ, ਜਿਸ ਕਾਰਨ ਮੰਡੀਆਂ ਵਿੱਚ ਵਾਧੂ ਅਨਾਜ ਪਿਆ ਹੈ ਅਤੇ ਡੀਏਪੀ ਖਾਦ ਦੀ ਅਲਾਟ ਹੋਈ ਸਪਲਾਈ ਵੀ ਸੂਬੇ ਦੇ ਕਿਸਾਨਾਂ ਤੱਕ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ, “ਇਸ ਨਾਲ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ, ਜੋ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਤੋਂ ਬਦਲਾ ਲੈ ਰਹੀ ਹੈ।” ਉਨ੍ਹਾਂ ਕੇਂਦਰ ਨੂੰ ਝੋਨੇ ਦੀ ਲਿਫਟਿੰਗ ਅਤੇ ਡੀ.ਏ.ਪੀ ਦੀ ਸਪਲਾਈ ਦੇ ਮੁੱਦੇ ਨੂੰ ਹੱਲ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਵੇਲੇ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਗਈ ਹੈ ਜੋ ਕਿ ਝੂਠੇ ਦਾਅਵੇ ਹਨ ਤੇ ਇਹ ਕਿਸਾਨਾਂ ਨਾਲ ਧੋਖਾ ਕਰਨ ਵਾਲੀ ਗੱਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।