ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਹੋਣਗੀਆਂ CM ਕੋਲ

Rajneet Kaur
3 Min Read

ਚੰਡੀਗੜ੍ਹ: CM ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ  ਹੈ।ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ।  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਇਮਾਨਦਾਰ, ਵਿਵੇਕਸ਼ੀਲ ਤੇ ਚੰਗੀ ਦਿੱਖ ਵਾਲੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਨਾਵਾਜਬ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਢਕਵੰਜ ਕਰ ਰਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment