Breaking News

ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਵਿਰੋਧੀ ਆਗੂਆਂ ਦੀਆਂ ਮੁਸੀਬਤਾਂ ਵਧੀਆਂ

ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਮੁੱਦਾ ਹਾਕਮ ਧਿਰ ਅਤੇ ਵਿਰੋਧੀ ਧਿਰਾਂ ਵਿਚਕਾਰ ਇਸ ਵੇਲੇ ਟਕਰਾਅ ਦਾ ਸਭ ਤੋਂ ਵੱਡਾ ਕਾਰਨ ਬਣਿਆ ਹੋਇਆ ਹੈ।ਸਵਾਲ ਤਾਂ ਇਹ ਵੀ ਪੈਦਾ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜਿਸ ਢੰਗ ਨਾਲ ਭ੍ਰਿਸ਼ਟਾਚਾਰ ਨੂੰ ਲੈ ਕੇ ਦੂਜੀਆਂ ਰਾਜਸੀ ਧਿਰਾਂ ’ਤੇ ਲਗਾਤਾਰ ਹਮਲਾ ਕਰ ਰਹੀ ਹੈ,ਕੀ ਇਹ ਵਿਰੋਧੀ ਧਿਰਾਂ ਲੰਮੇਂ ਸਮੇਂ ਲਈ ਇਸ ਹਮਲੇ ਦਾ ਸਾਹਮਣਾ ਕਰ ਸਕਣਗੀਆਂ। ਬੇਸ਼ਕ ਪੰਜਾਬ ਦੀਆਂ ਮੁੱਖ ਵਿਰੋਧੀ ਧਿਰਾਂ ਵਿਕਾਸ ਅਤੇ ਮਾਨ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਨਾ ਹੋਣ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਘੇਰ ਰਹੀਆਂ ਹਨ ਪਰ ਇਸਦੇ ਬਾਵਜੂਦ ਭ੍ਰਿਸ਼ਟਾਚਾਰ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਇਸ ਵੇਲੇ ਸਥਿਤੀ ਇਹ ਬਣੀ ਹੋਈ ਹੈ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਦੇ ਕਈਂ ਕੇਸ ਅਜਿਹੇ ਸਾਹਮਣੇ ਆ ਰਹੇ ਹਨ ਜਿਹੜੇ ਕਿ ਉਸ ਵੇਲੇ ਦੀ ਹਾਕਮ ਧਿਰ ਵਿਚ ਰਹੇ ਆਗੂਆਂ ਲਈ ਮੁਸ਼ਕਲਾਂ ਖੜੀਆਂ ਕਰ ਸਕਦੇ ਹਨ।ਮਿਸਾਲ ਵਜੋਂ ਅਕਾਲੀ ਸਰਕਾਰ ਵੇਲੇ ਦਾ ਸਿੰਚਾਈ ਨਾਲ ਜੁੜਿਆ ਇਕ ਹਜ਼ਾਰ ਕਰੋੜ ਰੁਪਏ ਦਾ ਮਾਮਲਾ ਸਿੱਧੇ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨਾਲ ਜੁੜਿਆ ਹੋਇਆ ਹੈ।ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦਾ ਨਾਮ ਵੀ ਸਾਹਮਣੇ ਆਇਆ ਹੈ। ਸਾਬਕਾ ਮੁੱਖ ਸਕੱਤਰ ਇਸ ਵੇਲੇ ਵਿਦੇਸ਼ ਵਿਚ ਹੈ। ਪਰ ਵਿਜੀਲੈਂਸ ਵੱਲੋਂ ਉਸ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਗਏ ਹਨ।ਇਸ ਤਰ੍ਹਾਂ ਸਰਹੱਦ ਨਾਲ ਲੱਗਦੇ ਖੇਤਰ ਵਿਚ ਸੀਡ ਫਾਰਮ ਲਈ ਜ਼ਮੀਨ ਖਰੀਦਣ ਦਾ ਮਾਮਲਾ ਵੀ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ। ਇਸ ਮਾਮਲੇ ਦਾ ਸੰਬਧ ਵੀ ਬਾਦਲ ਸਰਕਾਰ ਨਾਲ ਹੈ।ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਕਾਇਦਾ ਇਸ ਮਾਮਲੇ ਦੀ ਜਾਂਚ ਦਾ ਆਦੇਸ਼ ਦੇ ਦਿੱਤਾ ਹੈ।

ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੀ ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੀ ਹੋਈ ਨਜ਼ਰ ਆ ਰਹੀ ਹੈ।ਕੈਪਟਨ ਅੰਮਰਿੰਦਰ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੁਸ਼ਣ ਆਸ਼ੂ ਵੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।ਧਰਮਸੋਤ ਤਾਂ ਜੇਲ੍ਹ ਵਿਚੋਂ ਜਮਾਨਤ ’ਤੇ ਬਾਹਰ ਆਇਆ ਹੋਇਆ ਹੈ ਅਤੇ ਆਸ਼ੂ ਵਿਰੁਧ ਕੇਸ ਚਲਾਉਣ ਦੀ ਪ੍ਰਵਾਨਗੀ ਮਾਨ ਸਰਕਾਰ ਨੇ ਦੇ ਦਿੱਤੀ ਹੈ। ਗੱਲ ਇੱਥੇ ਵੀ ਰੁਕਦੀ ਨਜ਼ਰ ਨਹੀਂ ਆ ਰਹੀ।ਚੰਨੀ ਸਰਕਾਰ ਵਿਚ ਰਹੇ ਸਾਬਕਾ ਉੱਪ ਮੁੱਖ ਮੰਤਰੀ ਓ ਪੀ ਸੋਨੀ ਨੂੰ ਵੀ ਸਾਧਨਾ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਹੋ ਜਿਹੀ ਸਥਿਤੀ ਵਿਚ ਕਿਸੇ ਹੋਰ ਸਾਬਕਾ ਮੰਤਰੀ ਜਾਂ ਅਧਿਕਾਰੀ ਦਾ ਨਾਮ ਆਉਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।
ਜਦੋਂ ਵਿਰੋਧੀ ਧਿਰ ਦੀ ਗੱਲ ਕਰਦੇ ਹਾਂ ਤਾਂ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਕੋਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲਿਆਂ ਵਿਚ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਪੁੱਛਗਿੱਛ ਦੀਆਂ ਕੜੀਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਵੀ ਜਾ ਜੁੜਦੀਆਂ ਹਨ।ਦੋਹੇਂ ਆਗੂਆਂ ਕੋਲੋਂ ਪਹਿਲਾਂ ਹੀ ਸੰਬਧਿਤ ਜਾਂਚ ਟੀਮਾਂ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਪੰਜਾਬ ਦੀਆਂ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ। ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ ਅਤੇ ਇਹ ਸਾਰਾ ਕੁੱਝ ਰਾਜਸੀ ਬਦਲੇ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਹੈ ਪਰ ਜਿਸ ਤਰੀਕੇ ਨਾਲ ਮਾਨ ਸਰਕਾਰ ਵੱਲੋਂ ਲਗਾਤਾਰ ਪਿਛਲੀਆਂ ਸਰਕਾਰਾਂ ਦੇ ਆਗੂਆਂ ਅਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਮੁੱਦੇ ’ਤੇ ਘੇਰਿਆ ਜਾ ਰਿਹਾ ਹੈ,ਉਸ ਨਾਲ ਨਿਸ਼ਚਿਤ ਤੌਰ ’ਤੇ ਵਿਰੋਧੀ ਧਿਰਾਂ ਲਈ ਆਉਣ ਵਾਲੇ ਦਿਨਾਂ ਵਿਚ ਮੁਸੀਬਤਾਂ ਵੱਧ ਸਕਦੀਆਂ ਹਨ।

ਜਗਤਾਰ ਸਿੰਘ ਸਿੱਧੂ
ਮੈਨੇਜਿੰਗ ਐਡੀਟਰ

Check Also

ਮਨਪ੍ਰੀਤ ਬਾਦਲ ਮਾਲਵਾ ‘ਚ ਦਿਖਾਏਗਾ ਰੰਗ

ਜਗਤਾਰ ਸਿੰਘ ਸਿੱਧੂ; ਮੈਨੇਜਿੰਗ ਐਡੀਟਰ ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਦਾਖਲ ਹੋਣ ਵਾਲੇ ਕਈ …

Leave a Reply

Your email address will not be published. Required fields are marked *