ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਚੰਡੀਗੜ੍ਹ ‘ਚ ਹੋਈ ਮੀਟਿੰਗ ਖਤਮ ਹੋ ਗਈ ਹੈ। CM ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੋ ਸਕਿਆ । ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇਹ ਮੀਟਿੰਗ ਇੱਕ ਘੰਟਾ ਚੱਲੀ। CM ਮਾਨ ਨੇ ਹਰਿਆਣਾ ਨੂੰ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। CM ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ‘ਬੰਸੀਲਾਲ 1970 ‘ਚ ਹਰਿਆਣਾ ਦੇ CM ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਦਾ ਕੁਝ ਹਿੱਸਾ ਕੱਢ ਲਿਆ ਅਤੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿੱਤਾ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਆਪਣੀ ਮਰਜ਼ੀ ਨਾਲ ਆਪਣਾ ਹਿੱਸਾ ਛੱਡ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਚਰਚਾ ਚੱਲ ਰਹੀ ਹੈ ਪਰ ਅਜਿਹਾ ਬਿਲਕੁਲ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ ਤੇ ਪੰਜਾਬ ਦੀ ਹੀ ਰਹੇਗੀ। ਉਨ੍ਹਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸਾਲ 2008 ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਫਾਇਦੇਮੰਦ ਹੋਵੇਗਾ। ਸੀਐੱਮ ਮਾਨ ਨੇ ਚਿੱਠੀ ਦੀ ਬਾਕਾਇਦਾ ਕਾਪੀ ਵੀ ਦਿਖਾਈ। ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਲੋੜਾਂ ਪੂਰੀਆਂ ਕਰਦੀ ਹੈ। ਪੀਯੂ ‘ਤੇ ਪੰਜਾਬ ਦੀ ਮੌਜੂਦਾ ਕਾਨੂੰਨੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਬਹਾਲ ਕੀਤਾ ਜਾਵੇ। ਮਾਨ ਨੇ ਯਾਦ ਦੁਆਇਆ ਕਿ ਸਾਲ 1966 ਵਿੱਚ ਪੰਜਾਬ ਦੇ ਪੁਨਰਗਠਨ ਮੌਕੇ, ਪੰਜਾਬ ਯੂਨੀਵਰਸਿਟੀ ਨੂੰ ਪਾਰਲੀਮੈਂਟ ਦੁਆਰਾ ਲਾਗੂ ਕੀਤੇ ਗਏ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72(1) ਤਹਿਤ ਅੰਤਰਰਾਜੀ ਬਾਡੀ ਕਾਰਪੋਰੇਟ ਘੋਸ਼ਿਤ ਕੀਤਾ ਗਿਆ ਸੀ।
ਹਰਿਆਣਾ ਦੇ CM ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਨੌਜਵਾਨਾਂ ਨੂੰ ਬਿਹਤਰ ਸਿੱਖਿਆ ਦੇਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਹਰਿਆਣਾ ਦੇ ਨੌਜਵਾਨਾਂ ਅਤੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਿਕਲਪ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਮਾਨਤਾ ਨਾਲ ਹਰਿਆਣਾ ਦੇ ਵਿਦਿਆਰਥੀ ਵੀ ਯੂਨੀਵਰਸਿਟੀ ਵਿੱਚ ਸਿੱਖਿਆ ਹਾਸਲ ਕਰ ਸਕਣਗੇ।
- Advertisement -
PU ਸਣੇ ਕਈਂ ਅਹਿਮ ਮਸਲਿਆਂ 'ਤੇ ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/Hso2DJrwfk
— Bhagwant Mann (@BhagwantMann) June 5, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.