ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (DAP) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।
ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।
ਇਹ ਵੀ ਪੜ੍ਹੋ: ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦਾ ਬਦਲਿਆ ਸਮਾਂ ਤੇ ਸਥਾਨ