ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀ ਦੇ ਠਿਕਾਣਿਆਂ ਦੀ ਕੀਤੀ ਜਾਂਚ

Rajneet Kaur
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਿਸ ਤਹਿਤ ਸੂਬੇ ਭਰ ਦੀਆਂ ਪੁਲਿਸ ਟੀਮਾਂ ਵੱਲੋਂ ਉਹਨਾਂ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਜਿਹਨਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਇਹ ਕਾਰਵਾਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਜੀ-20 ਸੰਮੇਲਨ ਦੇ ਮੱਦੇਨਜ਼ਰ ਕੀਤੀ ਗਈ ਹੈ।ਇਹ ਮੁਹਿੰਮ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਇਸ ਮੁਹਿੰਮ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਿਛਲੇ ਪੰਜ ਸਾਲਾਂ ਵਿੱਚ ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤੇ ਗਏ ਸਾਰੇ ਵਿਅਕਤੀ, ਜੋ ਜ਼ਮਾਨਤ ਜਾਂ ਪੈਰੋਲ ’ਤੇ ਹਨ ਜਾਂ ਬਰੀ ਹੋ ਗਏ ਹਨ, ਦੇ ਠਿਕਾਣਿਆਂ ਅਤੇ ਪਿਛੋਕੜ ਦੀ ਜਾਂਚ ਕਰਨ ਲਈ ਹਰੇਕ ਥਾਣੇ ਵਿੱਚ ਇਕ ਟੀਮ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 2000 ਪੁਲਿਸ ਮੁਲਾਜ਼ਮਾਂ ਵਾਲੀਆਂ 400 ਪੁਲਿਸ ਟੀਮਾਂ ਨੇ ਅਜਿਹੇ 1343 ਵਿਅਕਤੀਆਂ ਦੀ ਜਾਂਚ ਕੀਤੀ ਜਿਹਨਾਂ ਵਿਰੁੱਧ ਪਿਛਲੇ ਪੰਜ ਸਾਲਾਂ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਸੀ। ਇਹਨਾਂ ਵਿੱਚੋਂ 1194 ਵਿਅਕਤੀ ਪੈਰੋਲ ਜਾਂ ਜ਼ਮਾਨਤ ’ਤੇ ਸਨ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕੌਮਾਂਤਰੀ ਸਰਹੱਦੋਂ ਪਾਰ ਅਤੇ ਉੱਤਰ ਪ੍ਰਦੇਸ਼, ਬਿਹਾਰ ਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਦੀਆਂ ਅੰਤਰਰਾਜੀ ਸਰਹੱਦਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ’ਤੇ ਰੋਕ ਲਗਾਉਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਪੈਣੀ ਨਜ਼ਰ ਰੱਖਣਾ ਹੈ।ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।

Share this Article
Leave a comment