ਅੰਮ੍ਰਿਤਸਰ: ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਾਹਮਣੇ ਆਈ ਹੈ | ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਸਭ ਕਮੇਟੀ ਵੱਲੋਂ ਤਿੰਨ ਸਫਿਆਂ ਦੀ ਰਿਪੋਰਟ ਤਿਆਰ ਕਰਕੇ ਕਾਰਵਾਈ ਲਈ ਅੰਤ੍ਰਿੰਗ ਕਮੇਟੀ ਨੂੰ ਸੌਂਪੀ ਗਈ ਸੀ । ਗਿਆਨੀ ਹਰਪ੍ਰੀਤ ਸਿੰਘ ਤੇ ਲੱਗੇ ਵੱਖ ਵੱਖ ਦੋਸ਼ਾਂ ਸਬੰਧੀ ਪੜਤਾਲ ਕਰਕੇ ਆਪਣੀ ਰਿਪੋਰਟ ਤਿਆਰ ਕੀਤੀ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੇਵਾਵਾਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਗਏ ਸਨ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਕਮੇਟੀ ਨੂੰ ਮੁਕੰਮਲ ਪੜਤਾਲ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਇਸ ਕਮੇਟੀ ਵੱਲੋਂ ਐਸਜੀਪੀਸੀ ਕੋਲੋਂ ਹੋਰ ਸਮਾਂ ਮੰਗਿਆ ਗਿਆ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਮਹੀਨੇ ਦਾ ਸਮਾਂ ਵਧਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਸ ਬੈਠਕ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।