CM ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ, ਅਕਾਲੀ ਦਲ ਨੇ ਕੀਤਾ ਵਿਰੋਧ

Rajneet Kaur
4 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ ਵਿਚ ਵਿਚਾਰ-ਚਰਚਾ ਹੋਣ ਮਗਰੋਂ ਸਰਬਸੰਮਤੀ ਨਾਲ ਪਾਸ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? CM ਮਾਨ ਨੇ ਕਿਹਾ ਕਿ 21 ਜੁਲਾਈ ਤੋਂ ਬਾਅਦ ਜਿਹੜਾ ਮਰਜ਼ੀ ਚੈਨਲ ਲਗਾ ਲਿਓ, ਗੁਰਬਾਣੀ ਮੁਫ਼ਤ ਸੁਣਨ ਨੂੰ ਮਿਲੇਗੀ।

ਬਿੱਲ ’ਤੇ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਹੱਕ 11 ਸਾਲ ਤੋਂ ਇਕ ਹੀ ਚੈਨਲ ਨੂੰ ਦਿਤਾ ਗਿਆ ਸੀ ਪਰ ਗੁਰਬਾਣੀ ਪ੍ਰਸਾਸਣ ਮੁਫ਼ਤ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੰਵਿਧਾਨ ਦੇ ਅਨੁਸਾਰ ਹੀ ਕੰਮ ਕਰ ਰਹੇ ਹਾਂ। ਗੁਰਬਾਣੀ ਸਰਬ ਸਾਂਝੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਰ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਉਂ ਨਹੀਂ ਦਿਤਾ। ਜਥੇਦਾਰ ਦੇ ਹੁਕਮਾਂ ਦੇ ਬਾਵਜੂਦ ਐਸ.ਜੀ.ਪੀ.ਸੀ. ਦਾ ਚੈਨਲ ਨਹੀਂ ਬਣਾਇਆ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ।

ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਮੁੱਦੇ ‘ਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਧਾਮੀ ਦਾ ਕਹਿਣਾ ਹੈ ਕਿ ਇਹ ਮੁਫਤ ਹੈ। ਪਰ ਇਹ ਮੁਫਤ ਨਹੀਂ ਹੈ, ਇਹ ਵਿਸ਼ੇਸ਼ ਅਧਿਕਾਰ ਹਨ, ਜਿਸ ਦਾ ਮਤਲਬ ਹੈ ਕਿ ਚੈਨਲ ਮਾਲਕ ਹੈ। ਇਹ ਗੁਰੂਆਂ ਦੀ ਬਾਣੀ ਹੈ, ਇਹ ਉਹਨਾਂ ਦਾ ਵਿਸ਼ੇਸ਼ ਅਧਿਕਾਰ ਕਿਵੇਂ ਹੋ ਸਕਦਾ ਹੈ?ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ ‘ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ ‘ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ।

ਆਪਣਾ ਪੱਖ ਪੇਸ਼ ਕਰਦੇ ਹੋਏ ਸੀਐਮ ਨੇ ਕਿਹਾ ਕਿ  ਚੈਨਲ ਕਿਵੇਂ ਕਮਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਿਚ ਗੁਰਬਾਣੀ ਚੈਨਲ ਲਗਾਉਣਾ ਚਾਹੁੰਦੇ ਹੋ ਤਾਂ ਇਸ ਦੀ ਕੀਮਤ 54 ਡਾਲਰ ਹੈ। ਇਸ ਚੈਨਲ ’ਤੇ ਗੁਰਬਾਣੀ ਚਲਾਈ ਜਾਂਦੀ ਹੈ, ਹਰ ਕੋਈ ਸੁਣਦਾ ਹੈ। ਹਰ ਕੋਈ ਇਸ ਚੈਨਲ ਨੂੰ ਸਬਸਕ੍ਰਾਈਬ ਕਰਦਾ ਹੈ, ਜਿਸ ਨਾਲ ਟੀ.ਆਰ.ਪੀ. ਵਧਦੀ ਹੈ। ਇਸ ਦੇ ਨਾਲ ਹੀ ਚੈਨਲ ਨੂੰ ਇਸ਼ਤਿਹਾਰ ਮਿਲਦੇ ਹਨ। ਇਸ ਤਰ੍ਹਾਂ ਕਮਾਈ ਹੁੰਦੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment