ਚੰਡੀਗੜ੍ਹ : ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦਾ ਪ੍ਰਕੋਪ ਬਦਸਤੂਰ ਜਾਰੀ ਹੈ ਉਥੇ ਹੀ ਸਮਾਜ ਵਿਚ ਵਿੱਚ ਇਸ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ । ਆਪ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮਹਾਮਾਰੀ ਦੇ ਪ੍ਰਕੋਪ ਨੂੰ ਕਿਸੇ ਵੀ ਢੰਗ-ਤਰੀਕੇ ਨਾਲ ਧਾਰਮਿਕ ਰੰਗਤ ਨਹੀਂ ਦਿਤੀ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਬਿਮਾਰੀ-ਮਹਾਂਮਾਰੀ ਦਾ ਕੋਈ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਸ ਲਈ ਸਰਕਰਾਂ ਸਿੱਧੇ ਰੂਪ ‘ਚ ਜ਼ਿੰਮੇਵਾਰ ਹਨ।
ਆਪ ਆਗੂਆਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਆਪਣੀਆਂ ਖਾਮੀਆਂ ਛੁਪਾਉਣ ਲਈ ਮਹਾਮਾਰੀ ਦੇ ਪ੍ਰਕੋਪ ਨੂੰ ਧਾਰਮਿਕ ਅਤੇ ਫਿਰਕੂ ਰੰਗਤ ਦੇ ਰਹੀਆਂ ਹਨ ।
ਪਾਰਟੀ ਆਗੂਆਂ ਨੇ ਕਿਹਾ ਕਿ ਤਬਲੀਗ਼ੀ ਜਮਾਤ ਤੋਂ ਬਾਅਦ ਹੁਣ ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸਿੱਖ ਸੰਗਤ ਬਾਰੇ ਜੋ ਗੈਰ-ਜ਼ਰੂਰੀ, ਗੈਰ-ਜ਼ਿੰਮੇ ਵਾਰਨਾ ਅਤੇ ਊਲ-ਜਲੂਲ ਟਿੱਪਣੀਆਂ ਹੋ ਰਹੀਆਂ ਹਨ, ਉਨ੍ਹਾਂ ‘ਤੇ ਸਖ਼ਤੀ ਨਾਲ ਰੋਕ ਲੱਗਣੀ ਚਾਹੀਦੀ ਹੈ।
ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਲਈ ਕਿਸੇ ਧਰਮ ਜਾਂ ਧਾਰਮਿਕ ਸਥਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਜਾਇਜ਼ ਨਹੀਂ ਹੈ, ਇਸ ਤ੍ਰਾਸਦੀ ਲਈ ਉਹ ਸਰਕਾਰਾਂ ਜ਼ਿੰਮੇਵਾਰ ਹਨ, ਜਿੰਨਾ ਦੇ ਤੁਗ਼ਲਕੀ ਫ਼ਰਮਾਨਾਂ, ਖੋਖਲੇ ਸਿਹਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਨਲਾਇਕੀਆਂ ਕਾਰਨ ਕੋਰੋਨਾ ਮਹਾਂਮਾਰੀ ਦੀ ਚੁਣੌਤੀ ਹੋਰ ਜ਼ਿਆਦਾ ਜਟਿਲ ਅਤੇ ਕਠਿਨ ਬਣ ਗਈ।