ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਲਿਆ ਫੈਸਲਾ

Rajneet Kaur
2 Min Read

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਸਿਧਾਂਤਕ ਫੈਸਲਾ ਲਿਆ ਹੈ। ਦੀਵਾਲੀ ਦਾ ਤੋਹਫਾ ਦਿੰਦਿਆਂ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ, ‘ਅਸੀਂ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਸਿਧਾਂਤਕ ਫੈਸਲਾ ਲਿਆ ਹੈ। ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਅਸੀਂ ਪੰਜਾਬ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆ ਰਹੇ ਹਾਂ।’ ਇਸ ਦੇ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ ਡੀਏ ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ।

ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵਿੱਚ ਲਏ ਗਏ ਫ਼ੈਸਲਿਆਂ ਵਿੱਚ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦਾ ਵੀ ਮਹੱਤਵਪੂਰਨ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨਿਯਮਾਂ ਵਿੱਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਸਰਕਾਰੀ ਭਰਤੀਆਂ ਲਈ ਪੰਜਾਬੀ ਭਾਸ਼ਾ ਵਿੱਚ ਹੀ ਟੈਸਟ ਲਿਆ ਜਾਵੇਗਾ ਅਤੇ ਨੌਕਰੀ ਹਾਸਲ ਕਰਨ ਦੇ ਲਈ 50 ਫ਼ੀਸਦੀ ਨੰਬਰ ਲਿਆਉਣੇ ਲਾਜ਼ਮੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਕੇਬਨਿਟ ਦੀ ਮੀਟਿੰਗ ਦੇ ਵਿੱਚ ਮਨਜ਼ੂਰੀ ਦੇ ਦਿੱਤੀ ਗਈ।

Share this Article
Leave a comment