ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਸ਼੍ਰੋਮਣੀ ਕਮੇਟੀ ਮੈਂਬਰ ਦਾ ਬਿਆਨ, ਕਿਹਾ ਖੜ੍ਹਾ ਕੀਤਾ ਜਾ ਰਿਹੈ ਬੇਲੋੜਾ ਵਿਵਾਦ

Global Team
2 Min Read

ਅੰਮ੍ਰਿਤਸਰ : ਸਿੱਖ ਵੱਧ ਅਧਿਕਾਰਾਂ ਅਤੇ 1947 ਤੋਂ ਪਹਿਲਾਂ ਸਿੱਖਾਂ ਨਾਲ ਕੀਤੇ ਗਏ ਵਾਅਦਿਆਂ ਦੀ ਗੱਲ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਵੱਲੋਂ ਇਸਾਈ ਧਰਮ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵੱਡਾ ਵਿਵਾਦ ਸ਼ੁਰੂ ਹੋਇਆ ਹੈ। ਜਿਸ ਲਈ ਜਲੰਧਰ ਦੇ ਪੀਏਪੀ. ਚੌਂਕ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਹੁਣ ਇਸ ਮਸਲੇ ‘ਤੇ ਸ਼੍ਰੋਮਣੀ ਗੁ. ਪ੍ਰ. ਕਮੇਟੀ ਮੈਂਬਰ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬਿਆਨ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਇਸ ‘ਤੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਗਰੇਵਾਲ ਦਾ ਕਹਿਣਾ ਹੈ ਕਿ ਇਸ ਸਾਰੇ ਹਾਲਾਤ ਲਈ ਸਿਰਫ ਭਾਈ ਅੰਮ੍ਰਿਤਪਾਲ ਸਿੰਘ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਹੜੇ ਹਾਲਾਤ ਸਿਰਜੇ ਗਏ ਹਨ ਉਸ ਵਿਚ ਇਸਾਈ ਮਿਸ਼ਨਰੀਆਂ ਨਾਲ ਸਬੰਧਤ ਕੁਝ ਲੋਕਾਂ ਦਾ ਵੀ ਹੱਥ ਹੈ।  ਉਨ੍ਹਾਂ ਕਿਹਾ ਕਿ ਇਹ ਉਹ ਲੋਕ ਸਨ ਜਿਨ੍ਹਾਂ ਇਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਗਰੇਵਾਲ ਨੇ ਮੀਟਿੰਗ (ਜਿਹੜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਇਸਾਈ ਧਰਮ ਦੇ ਵੱਡੇ ਨੁਮਾਇੰਦਿਆਂ ਨਾਲ ਕੀਤੀ ਗਈ ਸੀ) ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸਾਈ ਧਰਮ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਜੋ ਕੁਝ ਪਾਸਟਰ ਗੈਂਗ ਵੱਲੋਂ ਕੀਤਾ ਜਾ ਰਿਹਾ ਹੈ ਉਹ ਉਨ੍ਹਾਂ ਦੇ ਧਰਮ ਨਾਲ ਸਬੰਧਤ ਨਹੀਂ ਹਨ। ਗਰੇਵਾਲ ਨੇ ਕਿਹਾ ਕਿ ਇਸਾਈ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਦੀਆਂ ਗੱਲਾਂ ਪਾਸਟਰ ਗੈਂਗ ਵੱਲੋਂ ਕੀਤੀਆਂ ਜਾ ਰਹੀਆਂ ਸਨ ਉਹ ਇਸਾਈ ਧਰਮ ਨਾਲ ਸਬੰਧਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇੱਕ ਤਰੀਕੇ ਨਾਲ ਬੇਲੋੜਾ ਵਿਵਾਦ ਖੜ੍ਹਾ ਕਰਕੇ ਸਿੱਖਾਂ ਨੁੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Share this Article
Leave a comment