ਦਿੱਲੀ : ਸੁਪਰੀਮ ਕੋਰਟ ਨੇ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਵਿਚੋਂ ਇੰਟਰਵਿਊ ਕਰਨ ਦੇ ਮਾਮਲੇ ਵਿਚ ਇਕ ਨਿੱਜੀ ਚੈਨਲ ਦੇ ਐਂਕਰ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਪਰ ਨਾਲ ਹੀ ਕਿਹਾ ਹੈ ਕਿ ਇੰਟਰਵਿਊ ਕਰਨ ਵਿਚ ਜੇਲ੍ਹ ਨਿਯਮਾਂ ਦੀ ਉਲੰਘਣਾ ਹੋਈ ਹੋ ਸਕਦੀ ਹੈ।
ਚੀਫ ਜਸਟਿਸ ਡੀ ਵਾਈ ਚੰਦਰਚੂਹੜ ਅਤੇ ਜਸਟਿਸ ਜੇ ਬੀ ਪਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਗ੍ਰਿਫਤਾਰੀ ’ਤੇ ਰੋਕ ਦਾ ਫੈਸਲਾ ਸੁਣਾਇਆ। ਇਸ ਨਿਊਜ਼ ਐਂਕਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੰਟਰਵਿਊ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਐਫ ਆਈ ਆਰ ਦਰਜ ਕਰਨ ਦੀ ਹਦਾਇਤ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਬਿਸ਼ਨੋਈ ਹੀ 2022 ’ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਬਾਹਰ ਗੋਲੀਬਾਰੀ ਦੀ ਘਟਨਾ ਦਾ ਕਥਿਤ ਮਾਸਟਰਮਾਈਂਡ ਵੀ ਹੈ। ਬਿਸ਼ਨੋਈ ਨੇ ਨਿਊਜ਼ ਚੈਨਲ ਦੇ ਐਂਕਰ ਨੂੰ ਮੋਬਾਈਲ ਫੋਨ ’ਤੇ ਵੀਡੀਉ ਇੰਟਰਵਿਊ ਦਿਤੀ।
ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਅਪਰਾਧੀਆਂ ਦਾ ਪਰਦਾਫਾਸ਼ ਕਰਨ ਦੇ ਪੱਤਰਕਾਰ ਦੇ ਇਰਾਦੇ ਦੇ ਬਾਵਜੂਦ ਕੈਦੀਆਂ ਦੀ ਇੰਟਰਵਿਊ ਕਰਨਾ ‘ਜੇਲ੍ਹ ਨਿਯਮਾਂ ਦੀ ਗੰਭੀਰ ਉਲੰਘਣਾ ਹੈ।’ ਅਦਾਲਤ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ, ‘‘ਇਕ ਖਾਸ ਪੱਧਰ ’ਤੇ ਸ਼ਾਇਦ ਇੰਟਰਵਿਊ ਲੈਣ ਵਾਲੇ ਤੁਹਾਡੇ ਮੁਵੱਕਿਲ ਨੇ ਜੇਲ੍ਹ ਦੇ ਕੁੱਝ ਨਿਯਮਾਂ ਦੀ ਉਲੰਘਣਾ ਕੀਤੀ ਹੋਵੇ।’’
ਨਿਊਜ਼ ਚੈਨਲ ਦੀ ਪਟੀਸ਼ਨ ’ਤੇ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਆਈ.ਪੀ.ਐਸ. ਅਧਿਕਾਰੀ ਪ੍ਰਬੋਧ ਕੁਮਾਰ ਨੂੰ ਵੀ ਨੋਟਿਸ ਜਾਰੀ ਕੀਤੇ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਹਨ। ਬੈਂਚ ਨੇ ਨਿਊਜ਼ ਚੈਨਲ ਅਤੇ ਐਂਕਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਆਰ.ਐਸ. ਚੀਮਾ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਸਟਿੰਗ ਆਪਰੇਸ਼ਨ ਲਈ ਜਾਨ ਨੂੰ ਖਤਰਾ ਝੱਲ ਰਹੇ ਪੱਤਰਕਾਰ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।