ਚੰਡੀਗੜ੍ਹ: ਕਿਸਾਨ ਮੋਰਚਾ 2024 ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਬੀਤੇ ਦਿਨ ਖਨੌਰੀ ਹੱਦ ਉਤੇ ਵਾਪਰੀ ਘਟਨਾ ਮਗਰੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਨੇ 26 ਫਰਵਰੀ ਨੂੰ ਟਰੈਕਟਰ ਮਾਰਚ ਕੱਢਣ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਹੈ।
ਉਪਰੰਤ ਸਰਵਣ ਸਿੰਘ ਪੰਧੇਰ ਅਤੇ ਹੋਰ ਆਗੂਆਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਨੌਰੀ ਬਾਰਡਰ ’ਤੇ ਪੁਲਿਸ ਕਾਰਵਾਈ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਸਾਰੇ ਕਿਸਾਨ ਹਿਤੈਸ਼ੀ ਲੋਕ ਅਪਣੇ ਘਰਾਂ, ਦੁਕਾਨਾਂ, ਵਾਹਨਾਂ ਤੇ ਹੋਰਨਾਂ ਥਾਵਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਵਿਰੁਧ ਰੋਸ ਜ਼ਾਹਰ ਕਰਦਿਆਂ ਅਰਥੀ ਫੂਕ ਮੁਜ਼ਾਹਰਿਆਂ ਦਾ ਸੱਦਾ ਵੀ ਦਿਤਾ।
26 ਫਰਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਖੇਤੀ ਸੈਕਟਰ ਨੂੰ ਡਬਲਯੂ.ਟੀ.ਓ. ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਹਾਈਵੇਅ ‘ਤੇ ਰੋਸ ਮਾਰਚ ਕੱਢਿਆ ਜਾਵੇਗਾ। ਨੈਸ਼ਨਲ ਹਾਈਵੇ ‘ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਪੂਰੇ ਦੇਸ਼ ਦੇ ਸੂਬਿਆਂ ਦੇ ਮਾਰਗਾਂ ‘ਤੇ ਟਰੈਕਟਰ ਮਾਰਚ ਕੀਤੇ ਜਾਣਗੇ। ਇਹ ਮਾਰਚ ਅੰਮ੍ਰਿਤਸਰ ਤੋਂ ਪੰਜਾਬ ਦੇ ਸ਼ੰਭੂ ਬਾਰਡਰ ਤੱਕ ਹੋਵੇਗਾ। ਦਿੱਲੀ ਦੇ ਰਾਮਲੀਲਾ ਮੈਦਾਨ ‘ਚ 14 ਮਾਰਚ ਨੂੰ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਾਲਾ ਦਿਵਸ ਮਨਾਇਆ ਜਾਵੇਗਾ। ਪੁਲਿਸ ਦੀ ਗੋਲੀ ਨਾਲ ਕਥਿਤ ਰੂਪ ਨਾਲ ਹੋਈ ਨੌਜਵਾਨ ਦੀ ਮੌਤ ਵਜੋ ਇਹ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 23 ਫਰਵਰੀ ਨੂੰ ਦੇਸ਼ ਭਰ ਵਿੱਚ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕਣਗੇ। ਕਿਸਾਨ ਆਗੂਆਂ ਨੇ ਖਨੌਰੀ ਸਰਹੱਦ ‘ਤੇ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇਸ਼ ਭਰ ਵਿੱਚ ਰੋਹ ਅਤੇ ਕਾਲੇ ਦਿਵਸ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਨਗੀਆਂ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਹਰਿਆਣਾ ਪੁਲਿਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਸੰਯੁਕਤ ਕਿਸਾਨ ਮੋਰਚਾ ਨੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਹੈ।