ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

Rajneet Kaur
3 Min Read

ਚੰਡੀਗੜ੍ਹ:ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਰੁਪਏ ‘ਚ ਦਿੱਤੀ ਗਈ ਰਿਸ਼ਵਤ ਬਰਾਮਦ ਕਰ ਲਈ ਹੈ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ  ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ ਜਿਨ੍ਹਾਂ ਨੇ ਮੁਲਜ਼ਮ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਅੱਜ ਉਨ੍ਹਾਂ ਦਾ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਏਗਾ, ਜਿਥੋਂ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ।

- Advertisement -

ਦੱਸ ਦੇਈਏ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਕਾਂਗਰਸ ਸਰਕਾਰ ਦੇ ਤਖਤਾਪਲਟ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਬਣੇ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਸਾਲ ਅਰੋੜਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਹਾਰ ਗਏ ਸਨ। ਅਰੋੜਾ ਕੁਝ ਸਮਾਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment