ਵਿਜੀਲੈਂਸ ਬਿਊਰੋ ਨੇ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Global Team
2 Min Read

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Share This Article
Leave a Comment