ਪੰਜਾਬ ਦੀਆਂ ਫਸਲਾਂ ਅਤੇ ਨਸਲਾਂ ਦਾ ਨਹੀਂ ਕੋਈ ਵਾਲੀ-ਵਾਰਸ: BJP

Prabhjot Kaur
3 Min Read

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀਆਂ ਫਸਲਾਂ ਅਤੇ ਨਸਲਾਂ ਇਸ  ਸਮੇਂ ਪੂਰੀ ਤਰ੍ਹਾਂ ਲਾਵਾਰਿਸ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਨੂੰ ਕੁਦਰਤ ਦੀ ਕਰੋਪੀ ਨੇ ਝਿੰਝੋੜ ਰੱਖਿਆ ਹੈ ਅਤੇ ਨਸਲਾਂ ਨੂੰ ਚਿੱਟੇ ਦੀ ਕਰੋਪੀ ਨੇ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ ਰਹਿ ਗਿਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲੋਕ ਹਿੱਤਾਂ ਨੂੰ ਅਣਗੋਲਿਆਂ ਕਰਕੇ ਆਪਣੇ ਭ੍ਰਿਸ਼ਟ ਆਕਾ ਨੂੰ ਬਚਾਉਣ ਲਈ ਦਿੱਲੀ ਦੇ ਗੇੜਿਆਂ ਨੂੰ ਪਹਿਲ ਦੇ ਰਹੇ ਹਨ ਪਰ ਮੌਸਮ ਕਾਰਨ ਤਬਾਹ ਹੋਈਆਂ ਫਸਲਾਂ ਦੀ ਕੋਈ ਖ਼ਬਰ ਨਹੀਂ ਲੈ ਰਹੇ।

ਖੰਨਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਕੁੱਝ ਮਹੀਨਿਆਂ ਵਿੱਚ ਹੀ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕਰਵਾ ਦਿੱਤਾ ਜਾਵੇਗਾ ਜਦਕਿ ਸਥਿਤੀ ਉਲਟ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਵਿੱਤੀ ਵਰ੍ਹੇ ਦੇ ਪਹਿਲੇ ਦਿਨਾਂ ਵਿੱਚ ਹੀ ਰਿਪੋਰਟ ਮਿਲੀ ਹੈ ਕਿ ਪੰਜਾਬ ਸਰਕਾਰ ਨੇ ਤਿੰਨ ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕਣ ਦੀ ਤਿਆਰੀ ਕਰ ਲਈ ਹੈ ਅਤੇ ਇਹ ਸਿਲਸਿਲਾ ਰੁਕਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵ ਬੈਂਕ ਦੀ ਸੂਚਨਾ ਮੁਤਾਬਿਕ ਸੂਬਾ ਸਰਕਾਰ ਨੇ 25 ਜੂਨ ਤੱਕ 12 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲੈਣਾ ਹੈ।

ਉਨ੍ਹਾਂ ਕਿਹਾ ਕਿ ਇੰਨ੍ਹਾਂ ਰਿਪੋਰਟਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਦੀ ਨਲਾਇਕੀ ਕਾਰਨ ਸੂਬਾ ਬੁਰੀ ਤਰ੍ਹਾਂ ਕਰਜ਼ੇ ਦੀ ਮਾਰ ਹੇਠ ਆ ਜਾਵੇਗਾ, ਜਿਸ ਨੂੰ ਉਤਾਰਨ ਲਈ ਸਰਕਾਰ ਕੋਲ ਕੋਈ ਠੋਸ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਆਪਣੇ ਸੂਬੇ ਨੂੰ ਕੰਗਾਲ ਕਰਕੇ ਇਸ ਦਾ ਪੈਸਾ ਆਮ ਆਦਮੀ ਪਾਰਟੀ ਵੱਲੋਂ ਬਾਹਰਲੇ ਸੂਬਿਆਂ ਵਿੱਚ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਤੇ ਖਰਚਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਇਸ ਕਰਤੂਤ ਦਾ ਬਦਲਾ ਲੋਕ ਅਗਾਮੀ ਚੋਣਾਂ ਵਿੱਚ ਲੈ ਲੈਣਗੇ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment