ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।