ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਹੋਵੇ ਨਿਰਪੱਖ ਜਾਂਚ : ਸੁਖਦੇਵ ਢੀਂਡਸਾ

TeamGlobalPunjab
2 Min Read

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਹੁਣ ਤੱਕ ਸਖ਼ਤ ਸਜਾਵਾਂ ਦਿੱਤੀਆਂ ਜਾਂਦੀਆਂ ਤਾਂ ਮੁੜ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਹਿੰਮਤ ਪੈਦਾ ਨਹੀ ਹੋਣੀ ਸੀ।

ਢੀਂਡਸਾ ਨੇ ਕਿਹਾ ਕਿ ਬੇਅਦਬੀ ਦੀ ਇਹ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਆਪਸੀ ਮਿਲੀਭੂਗਤ ਪਹਿਲਾਂ ਹੀ ਜੱਗ-ਜਾਹਿਰ ਹੈ ਅਤੇ ਕੈਪਟਨ ਸਰਕਾਰ ਵੱਲੋਂ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੋਈ ਕਾਰਵਾਈ ਨਹੀ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕਾਰਜਸ਼ੈਲੀ ‘ਤੇ ਬਿਲਕੁਲ ਵੀ ਭਰੋਸਾ ਨਹੀ ਹੈ।

ਢੀਂਡਸਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਪੂਰਨ ਤੌਰ ‘ਤੇ ਬਾਦਲਾਂ ਦਾ ਕਬਜਾ ਹੈ ਇਸ ਕਰਕੇ ਇਸ ਘਟਨਾ ਦੀ ਸਹੀ ਜਾਂਚ ਨਹੀ ਹੋ ਸਕਦੀ ਹੈ ਅਤੇ ਇਸ ਦੌਰਾਨ ਬੇਅਦਬੀ ਦੀ ਘਟਨਾ ਦੀ ਜਾਂਚ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਢੀਂਡਸਾ ਨੇ ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਿਸੇ ਸੁਤੰਤਰ ਜਾਂਚ ਏਜੰਸੀ ਤੋਂ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਬੇਅਦਬੀ ਦੀ ਘਟਨਾ ਦੇ ਪਿੱਛੇ ਅੰਜਾਮ ਦੇਣ ਵਾਲੇ ਅਸਲ ਦੋਸ਼ੀਆਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੈਪਟਨ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਭੈਅ ਖਤਮ ਹੋ ਗਿਆ ਹੈ ਅਤੇ ਅਜਿਹੇ ਸ਼ਰਾਰਤੀ ਲੋਕ ਮੁੜ-ਮੁੜ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।

- Advertisement -

ਸੁਖਦੇਵ ਢੀਂਡਸਾ ਨੇ ਕਿਹਾ ਕਿ ਇਸ ਘਟਨਾ ਨਾਲ ਇੱਕ ਬਾਰ ਫਿਰ ਸਿੱਖਾਂ ਦੇ ਹਿਰਦਿਆਂ ‘ਤੇ ਮਾੜਾ ਅਸਰ ਪਿਆ ਹੈ, ਉਥੇ ਹੀ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਪੂਰੇ ਰੋਸ ਵਿੱਚ ਹੈ। ਅਜਿਹੇ ਵਿੱਚ ਇਸ ਘਟਨਾ ਨੂੰ ਵੀ ਪਿਛਲੀਆਂ ਘਟਨਾਵਾਂ ਦੀ ਤਰ੍ਹਾਂ ਦਬਾਇਆ ਅਤੇ ਲਮਕਾਇਆ ਨਹੀ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਕੈਪਟਨ ਸਰਕਾਰ ਦਾ ਅਹਿਮ ਫਰਜ਼ ਹੈ।

Share this Article
Leave a comment