ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ; ਇਹ ਹੋਣਗੇ ਮੁੱਖ ਪੜਾਅ

Global Team
3 Min Read

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ ਹੈ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਦੇ ਲਾਗੂ ਹੋਣ ਤੋਂ ਬਾਅਦ ਸੀ.ਐਮ ਪੂਰੇ ਪੰਜਾਬ ਵਿੱਚ ਯਾਤਰਾ ਕਰ ਰਹੇ ਹਨ। ਅੱਜ ਇਹ ਯਾਤਰਾ ਬਠਿੰਡਾ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ ਅਤੇ ਬਰਨਾਲਾ, ਸੁਨਾਮ ਵਿੱਚੋਂ ਗੁਜ਼ਰੇਗੀ।

ਮੁੱਖ ਮੰਤਰੀ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਸੁਨਾਮ ਵਿੱਚ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਵੀ ਮੱਥਾ ਟੇਕਣਗੇ। ਇਹ ਯਾਤਰਾ ਸਵੇਰੇ 10 ਵਜੇ ਬਠਿੰਡਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਸੰਗਰੂਰ ਵਿਖੇ ਸੰਪੰਨ ਹੋਵੇਗੀ।

ਇਸ ਤੋਂ ਪਹਿਲਾ ਬੀਤੇ ਕੱਲ੍ਹ ਫਰੀਦਕੋਟ, ਕੋਟਕਪੂਰਾ ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਅਜਿਹਾ ਕਾਨੂੰਨ ਲਿਆਉਣ ਦੇ ਕਾਫ਼ੀ ਮੌਕੇ ਸਨ ਪਰ “ਅਸਪਸ਼ਟ ਇਰਾਦਿਆਂ” ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀਆਂ ਕਥਿਤ ਕੋਸ਼ਿਸ਼ਾਂ ਕਾਰਨ ਉਹ ਅਜਿਹਾ ਕਰਨ ਵਿੱਚ ਅਸਫਲ ਰਹੀਆਂ। ਉਨ੍ਹਾਂ ਟਿੱਪਣੀ ਕੀਤੀ ਕਿ ਪਹਿਲਾਂ ਬਹੁਤ ਸਾਰੇ ਮਾਮਲਿਆਂ ਵਿੱਚ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਬਹਾਨੇ ਸਜ਼ਾ ਤੋਂ ਬਚ ਜਾਂਦੇ ਸਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜੇ ਸੂਬੇ ਵਿੱਚ ਕੋਈ ਬੇਅਦਬੀ ਹੁੰਦੀ ਹੈ ਤਾਂ ਅਜਿਹੇ ਵਿਅਕਤੀਆਂ ਦੇ ਕਸਟੋਡੀਅਨ ‘ਤੇ ਵੀ ਮੁਕੱਦਮਾ ਚਲਾਇਆ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਸੇਵਾ ਬਖਸ਼ੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਜਾਣ ਅਤੇ ਜਨਤਾ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Share This Article
Leave a Comment