ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਸਥਿਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਹੈੱਡਕੁਆਰਟਰ ‘ਤੇ ਸ਼ਨੀਵਾਰ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਗੋਰਖ ਭਾਮਰੇ ਨੇ ਦੱਸਿਆ ਕਿ ਦੁਪਹਿਰ ਇੱਕ ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਪੁਲੀਸ ਕੰਟਰੋਲ ਰੂਮ ’ਤੇ ਫੋਨ ਕਰਕੇ ਆਰਐਸਐਸ ਹੈੱਡਕੁਆਰਟਰ ਨੂੰ ਉਡਾਉਣ ਦੀ ਧਮਕੀ ਦਿੱਤੀ।
ਅਧਿਕਾਰੀਆਂ ਮੁਤਬਿਕ ਧਮਕੀ ਮਿਲਣ ਤੋਂ ਬਾਅਦ, ਬੰਬ ਖੋਜ ਅਤੇ ਨਿਰੋਧਕ ਦਸਤੇ (ਬੀਡੀਡੀਐਸ) ਅਤੇ ਸਨੀਫਰ ਕੁੱਤਿਆਂ ਨੂੰ ਬੁਲਾਇਆ ਗਿਆ ਅਤੇ ਅਹਾਤੇ ਦੀ ਪੂਰੀ ਤਲਾਸ਼ੀ ਲਈ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀ ਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਕਾਲਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਹੀ 31 ਦਸੰਬਰ ਨੂੰ ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫੋਨ ਕਰਕੇ ਸ਼ਹਿਰ ਵਿੱਚ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਮੁਤਾਬਕ ਫੋਨ ਕਰਨ ਵਾਲੇ ਨੇ ਕਿਹਾ ਕਿ ਉਸ ਕੋਲ ਹਥਿਆਰ ਅਤੇ ਆਰ.ਡੀ.ਐਕਸ. ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਂ ਅਜ਼ਹਰ ਹੈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਨਰਿੰਦਰ ਕਾਵਲੇ ਨਾਂ ਦੇ ਵਿਅਕਤੀ ਨੇ ਨਸ਼ੇ ਦੀ ਹਾਲਤ ‘ਚ ਫੋਨ ਕੀਤਾ ਸੀ। ਪੁਲਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।