ਚੰਡੀਗੜ੍ਹ: ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਪੰਜਾਬੀ ਗਾਇਕ ਆਰ ਨੇਤ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਸ ਤੋਂ ਇਲਾਵਾ ਉਸ ਤੋਂ ਲਗਭਗ 1 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰ ਨੇਤ ਨੂੰ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਤੇ ਪੁਲਿਸ ਨੇ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ਗਾਇਕ ਆਰ ਨੇਤ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ। ਜਿਸ ਵਿੱਚ ਉਹ ਫਿਰੌਤੀ ਦੀ ਮੰਗ ਕਰ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਫਿਰੌਤੀ ਦੀ ਰਕਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਜਾਨ ਤੋਂ ਮਾਰ ਦੇਣਗੇ।
ਹਾਲਾਂਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਗਿਆ ਹੈ। ਪਰ ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ ਨੇਤ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਅਤੇ ਰਿੰਦਾ ਦੇ ਨਾਮ ‘ਤੇ ਧਮਕੀਆਂ ਮਿਲੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।