‘ਆਪ’ ਦੇ ਪ੍ਰਦਰਸ਼ਨ ਨਾਲ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ, ਤੁਰੰਤ ਰੱਦ ਕਰਨ ਬਾਦਲਾਂ ਦੇ ਗ਼ਲਤ ਬਿਜਲੀ ਸਮਝੌਤੇ: ਭਗਵੰਤ ਮਾਨ

TeamGlobalPunjab
3 Min Read

‘ਆਪ’ ਵਲੋਂ 6 ਜੁਲਾਈ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕੈਪਟਨ ਦੇ ਘਰ ਦੇ ਘਿਰਾਓ ਦਾ ਸਮਰਥਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਕੈਪਟਨ ਸਰਕਾਰ ਖਿਲਾਫ ਹੱਲਾ ਬੋਲ ਜਾਰੀ ਹੈ । ਬੀਤੇ ਕੱਲ੍ਹ ‘ਆਪ’ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਬਿਜਲੀ ਮੁੱਦੇ ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਨੂੰ ਅੱਗੇ ਵਧਾਉਂਦੇ ਹੋਏ ‘ਆਪ’ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਬਿਜਲੀ ਸਮਝੌਤਿਆਂ ਉਤੇ ਹੋਰ ਦੇਰੀ ਕੀਤੇ ਬਿਨਾਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪਣੀ ਸਾਢੇ ਚਾਰ ਸਾਲ ਦੀ ਨੀਂਦ ਵਿੱਚੋਂ ਜਾਗਦਿਆਂ ਕੈਪਟਨ ਅਮਰਿੰਦਰ ਸਿੰਘ ਹੁਣ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਬਿਜਲੀ ਦੀ ਘਾਟ ਲਈ ਸਭ ਤੋਂ ਵੱਡਾ ਕਾਰਨ ਦੱਸ ਰਹੇ ਹਨ ਜਦਕਿ ਸਰਕਾਰ ਬਣਨ ਤੋਂ ਬਾਅਦ ਹੁਣ ਤਕ ਉਹ ਇਸ ਉੱਤੇ ਚੁੱਪੀ ਵੱਟ ਕੇ ਬਾਦਲਾਂ ਨੂੰ ਬਚਾਉਣ ਦਾ ਯਤਨ ਕਰ ਰਹੇ ਸਨ।

ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਪਕੜ ਕੇ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਰੱਦ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਕੈਬਨਿਟ ਦੀ ਆਖ਼ਰੀ ਮੀਟਿੰਗ ਵਿੱਚ ਵੀ ਇਸ ਉੱਤੇ ਵਿਚਾਰ ਕਰਨ ਦਾ ਢੌਂਗ ਕਰ ਰਹੇ ਹਨ।

- Advertisement -

             ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਸ ਗੱਲ ਨੂੰ ਸਪਸ਼ਟ ਕਰਨ ਕਿ ਜੇਕਰ ਹੁਣ ਉਹ ਮੰਨਦੇ ਹਨ ਕਿ ਇਹ ਬਿਜਲੀ ਸਮਝੌਤੇ ਸੰਪੂਰਨ ਤੌਰ ਤੇ ਗਲਤ ਸਨ ਅਤੇ ਬਾਦਲਾਂ ਵੱਲੋਂ ਗਲਤ ਨੀਅਤ ਨਾਲ ਕੀਤੇ ਗਏ ਸਨ ਤਾਂ ਉਹ ਹੁਣ ਤੱਕ ਬਾਦਲਾਂ ਨੂੰ ਕਿਉਂ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਦਲ ਕੈਪਟਨ ਪਰਿਵਾਰ ਮਿਲੇ ਹੋਏ ਹਨ ਅਤੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਪੁਛਿਆ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਪੰਜਾਬ ਦੇ ਹੋਏ 20000 ਕਰੋੜ ਰੁਪਏ ਦੀ ਭਰਪਾਈ ਕੌਣ ਕਰੇਗਾ?

ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ, ਬੰਦ ਹੋਏ ਉਦਯੋਗਾਂ ਅਤੇ ਆਮ ਲੋਕਾਂ ਨੂੰ ਆਈ ਦਿੱਕਤ ਲਈ ਕੌਣ ਜ਼ਿੰਮੇਵਾਰ ਹੋਵੇਗਾ? ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਕੀਤਾ ਗਿਆ ਐਲਾਨ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਸਾਖ ਬਚਾਉਣ ਦਾ ਇੱਕ ਯਤਨ ਮਾਤਰ ਹੈ ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤੀ ਜਾਣਦੇ ਹਨ।

          ਬਿਜਲੀ ਦੇ ਮੁੱਦੇ ਤੇ ਕਿਸਾਨ ਯੂਨੀਅਨ ਵੱਲੋਂ 6 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘਿਰਾਓ ਦੇ ਦਿੱਤੇ ਪ੍ਰੋਗਰਾਮ ਦਾ ਸਮਰਥਨ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਕਿਸਾਨਾਂ ਮਜ਼ਦੂਰਾਂ ਦਲਿਤਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਬਿਨਾਂ ਪਾਰਟੀ ਦੇ ਝੰਡੇ ਤੋਂ ਸੰਘਰਸ਼ ਵਿੱਚ ਸ਼ਾਮਿਲ ਹੋਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਤੱਕ ਆਮ ਜਨਤਾ ਦੀ ਆਵਾਜ਼ ਬੁਲੰਦ ਕਰਨਗੇ।

Share this Article
Leave a comment