ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਅੱਜ 16 ਦਿਨ ਹੋ ਗਏ ਹਨ। ਕਿਸਾਨ ਦਿੱਲੀ ਨੂੰ ਜਾਣਗੇ ਜਾਂ ਨਹੀਂ ਇਸ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ ਸਿਆਸੀ ਤੇ ਗ਼ੈਰ ਸਿਆਸੀ ਨੇ ਮੀਟਿੰਗ ਸੱਦ ਲਈ ਹੈ। ਦੋਵੇਂ ਫੋਰਮਾਂ ਦੀ ਮੀਟਿੰਗ ਤੋਂ ਬਾਅਦ ਕੱਲ੍ਹ ਯਾਨੀ 29 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਅਤੇ ਸਿਆਸੀ ਦੋਵੇਂ ਇਕੱਠੇ ਬੈਠਕ ਕਰਨਗੇ। ਇਸ ਬੈਠਕ ਤੋਂ ਬਾਅਦ ਕੱਲ੍ਹ ਹੀ ਮੋਰਚੇ ਸਬੰਧੀ ਨਵੀਂ ਰਣਨੀਤੀ ਉਲੀਕੀ ਜਾਵੇਗੀ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਬੈਰੀਕੇਡਿੰਗ ਸਖ਼ਤ ਕਰ ਦਿੱਤੀ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪੂਰੀ ਤਿਆਰ ਹੈ।
ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੁਣ ਅੰਦੋਲਨ ਵਿੱਚ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਸ ਦੇ ਨਾਲ ਹੀ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ।
ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰਨ ਵਾਲੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। 29 ਫਰਵਰੀ ਨੂੰ ਵਿਸਥਾਰਤ ਰਣਨੀਤੀ ਬਣਾ ਕੇ ਅਗਲੇਰੀ ਘੋਸ਼ਣਾ ਕੀਤੀ ਜਾਵੇਗੀ।
ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਾ ਕਰਨਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀ ਭੁਗਤ ਹੈ। ਜੇਕਰ ਅਜਿਹਾ ਨਹੀਂ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦਾ ਇਹ ਢਿੱਲਾ ਰਵੱਈਆ ਪੂਰੇ ਸੂਬੇ ਦੇ ਨਾਲ-ਨਾਲ ਦੇਸ਼ ਅੰਦਰ ਵਿਰੋਧੀ ਧਿਰ ਦਾ ਚਿਹਰਾ ਨੰਗਾ ਕਰ ਰਿਹਾ ਹੈ।
ਇਸ ਤੋਂ ਇਲਾਵਾ ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਸੀ ਕਿ ਐਮਐਸਪੀ ‘ਤੇ ਅੰਦੋਲਨ ਬਾਰੇ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ ਸੀ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਆਪਣੇ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ।