ਨਿਊਜ਼ ਡੈਸਕ : ਪਾਕਿਸਤਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਅਗਲੇ ਮਹੀਨੇ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਦੇਸ਼ ਦੇ ਤੋਹਫ਼ਿਆਂ ਦੀ ਵਿਕਰੀ ਤੋਂ ਪ੍ਰਾਪਤ ਆਮਦਨ ਦਾ ਖੁਲਾਸਾ ਨਾ ਕਰਨ ਲਈ ਇਮਰਾਨ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀ ਚੋਣ ਕਮਿਸ਼ਨ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ।
ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਤੋਸ਼ਾਖਾਨਾ (ਸਟੇਟ ਡਿਪਾਜ਼ਿਟਰੀ) ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖ਼ਿਲਾਫ਼ ਅਪਰਾਧਿਕ ਕਾਰਵਾਈ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਸ ਨੂੰ 9 ਜਨਵਰੀ ਨੂੰ ਤਲਬ ਕੀਤਾ ਹੈ।
ਚੋਣ ਕਮਿਸ਼ਨ (ਈਸੀਪੀ) ਨੇ ਤੋਸ਼ਾਖਾਨਾ ਮਾਮਲੇ ਵਿੱਚ 21 ਅਕਤੂਬਰ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਪਿਛਲੇ ਮਹੀਨੇ ਜ਼ਿਲ੍ਹਾ ਅਦਾਲਤ ਵਿੱਚ ਖਾਨ ਖ਼ਿਲਾਫ਼ ਕੇਸ ਦਾਇਰ ਕੀਤਾ ਸੀ। ਪਟੀਸ਼ਨ ‘ਚ ਅਦਾਲਤ ਤੋਂ ਖਾਨ ਵਿਰੁੱਧ ਅਪਰਾਧਿਕ ਕਾਨੂੰਨ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਕਮਿਸ਼ਨ ਨੇ ਦੋਸ਼ ਲਾਇਆ ਹੈ ਕਿ ਇਮਰਾਨ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਵਿਦੇਸ਼ੀ ਪਤਵੰਤਿਆਂ ਤੋਂ ਮਿਲੇ ਤੋਹਫ਼ਿਆਂ ਬਾਰੇ ਅਧਿਕਾਰੀਆਂ ਨੂੰ ਗੁੰਮਰਾਹ ਕੀਤਾ ਸੀ।
ਵਧੀਕ ਸੈਸ਼ਨ ਜੱਜ ਜ਼ਫਰ ਇਕਬਾਲ ਨੇ ਦਲੀਲਾਂ ਸੁਣਨ ਤੋਂ ਬਾਅਦ ਈਸੀਪੀ ਦੀ ਪਟੀਸ਼ਨ ਨੂੰ ਬਰਕਰਾਰ ਰੱਖਿਆ ਅਤੇ ਖਾਨ ਨੂੰ 9 ਜਨਵਰੀ ਨੂੰ ਅਦਾਲਤ ਵਿੱਚ ਤਲਬ ਕੀਤਾ।