ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 34 ਦਿਨ ਹੋ ਗਏ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਅੱਜ ਆਪਣੇ ਕੁਝ ਸਮਾਗਮਾਂ ਵਿੱਚ ਬਦਲਾਅ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਸੀ ਕਿ 30 ਦਸੰਬਰ ਨੂੰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਨੇ ਇਹ ਇੱਕ ਹੋਰ ਪ੍ਰੋਗਰਾਮ ਉਲੀਕਿਆ ਸੀ ਜਿਸ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। 30 ਦਸੰਬਰ ਦੀ ਜਗ੍ਹਾ ਹੁਣ ਕਿਸਾਨਾਂ ਦਾ ਟਰੈਕਟਰ ਮਾਰਚ 31 ਦਸੰਬਰ ਨੂੰ ਕੱਢਿਆ ਜਾਵੇਗਾ। ਜਥੇਬੰਦੀਆਂ ਨੇ ਇਹ ਫੈਸਲਾ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਕਰਕੇ ਲਿਆ ਹੈ।
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ 6ਵੇਂ ਗੇੜ ਦੀ ਮੀਟਿੰਗ ਕਰਨ ਲਈ 30 ਦਸੰਬਰ ਤਾਰੀਖ ਮੁਕਰਰ ਕੀਤੀ ਹੈ। ਇਸ ਲਈ ਕਿਸਾਨਾਂ ਨੇ ਆਪਣਾ ਪ੍ਰੋਗਰਾਮ ਇੱਕ ਦਿਨ ਲਈ ਅੱਗੇ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ 29 ਦਸੰਬਰ ਲਈ ਮੀਟਿੰਗ ਕਰਨ ਸਬੰਧੀ ਪੇਸ਼ਕਸ਼ ਭੇਜੀ ਸੀ। ਜਿਸ ‘ਤੇ ਕੇਂਦਰ ਸਰਕਾਰ ਨੇ ਵਿਚਾਰ ਚਰਚਾ ਕਰਕੇ ਸੋਮਵਾਰ ਨੂੰ ਤੈਅ ਕੀਤਾ ਸੀ ਗੱਲਬਾਤ 30 ਦਸੰਬਰ ਨੂੰ ਸਵੇਰੇ 11 ਵਜੇ ਕੀਤੀ ਜਾਵੇ। ਜਿਸ ਨੂੰ ਕਿਸਾਨਾਂ ਨੇ ਸਵਿਕਾਰ ਕਰਦੇ ਹੋਏ ਆਪਣੇ ਸਮਾਗਮਾਂ ‘ਚ ਤਬਦੀਲੀ ਕੀਤੀ ਹੈ।