ਜਲਾਲਾਬਾਦ : ਦਿੱਲੀ ਵਿੱਚ ਹੋਣ ਜਾ ਰਹੀ 26 ਜਨਵਰੀ ਦੀ ਕਿਸਾਨ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਅੱਜ ਜਲਾਲਾਬਾਦ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਥਾਨਕ ਆਗੂਆਂ ਵੱਲੋਂ ਕੀਤੀ ਗਈ। ਜਲਾਲਾਬਾਦ ਦੇ ਨਾਲ ਲੱਗਦੇ ਪਿੰਡਾਂ ਦੇ ਵਿਚੋਂ ਲਗਪਗ 900 ਤੋਂ 1000 ਦੀ ਗਿਣਤੀ ਵਿੱਚ ਟਰੈਕਟਰਾਂ ਨੇ ਇਸ ਮਾਰਚ ਵਿੱਚ ਸ਼ਮੂਲੀਅਤ ਕੀਤੀ। ਜਲਾਲਾਬਾਦ ਦੇ ਮਾਹਮੂ ਜੋਈਆਂ ਟੋਲ ਪਲਾਜ਼ਾ ਤੋਂ ਸ਼ੁਰੂ ਹੋਇਆ। ਟਰੈਕਟਰ ਮਾਰਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਦੀ ਹੁੰਦਾ ਹੋਇਆ, ਪਿੰਡ ਮੰਨੇਵਾਲਾ ਅਤੇ ਉਸ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਫਾਜ਼ਿਲਕਾ ਰੋਡ ਵਿਖੇ ਜਾ ਕੇ ਸਮਾਪਤ ਹੋਇਆ ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਜਾ ਰਹੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਇਹ ਮਾਰਚ ਕੱਢਿਆ ਗਿਆ। 23 ਜਨਵਰੀ ਨੂੰ ਡੱਬਵਾਲੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ। ਜੋ ਕਿ ਦਿੱਲੀ ਵਿੱਚ 26 ਜਨਵਰੀ ਦੇ ਟਰੈਕਟਰ ਮਾਰਚ ਦਾ ਹਿੱਸਾ ਬਣਨਗੇ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਆਪਣੀ ਗੱਲ ਨੂੰ ਦੁਹਰਾਉਂਦੇ ਹੋਏ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਦੋ ਸਾਲ ਲਈ ਸਸਪੈਂਡ ਕਰਨ ਦੀ ਗੱਲ ਆਖੀ ਗਈ ਹੈ, ਉਸ ਨੂੰ ਉਹ ਸਿਰੇ ਤੋਂ ਨਕਾਰਦੇ ਹਨ। ਇਹ ਬਿੱਲ ਜਦੋਂ ਤੱਕ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨ ਸੰਘਰਸ਼ ਇਵੇਂ ਹੀ ਚੱਲਦਾ ਰਹੇਗਾ।