ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਕਿਸਾਨ ਅੰਦੋਲਨ ਦਾ 1 ਸਾਲ ਪੂਰਾ ਹੋਣ ‘ਤੇ 500 ਕਿਸਾਨ ਟਰੈਕਟਰ ਲੈ ਕੇ ਸੰਸਦ ਵੱਲ ਮਾਰਚ ਕਰਨਗੇ। ਕਿਸਾਨ ਆਗੂਆਂ ਅਨੁਸਾਰ ਇਹ ਟਰੈਕਟਰ ਮਾਰਚ ਹਰ ਰੋਜ਼ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ 29 ਨਵੰਬਰ ਤੋਂ ਸੰਸਦ ਦੇ ਸਰਦ ਰੁੱਤ ਇਜਲਾਸ ਦੀ ਸਮਾਪਤੀ ਤੱਕ 500 ਚੋਣਵੇਂ ਕਿਸਾਨ ਹਰ ਰੋਜ਼ ਸ਼ਾਂਤਮਈ ਅਤੇ ਪੂਰੇ ਅਨੁਸ਼ਾਸਨ ਨਾਲ ਟਰੈਕਟਰ ਟਰਾਲੀਆਂ ਲੈ ਕੇ ਸੰਸਦ ਵਿੱਚ ਜਾਣਗੇ, ਤਾਂ ਜੋ ਇਸ ਅੜੀਅਲ, ਅਸੰਵੇਦਨਸ਼ੀਲ, ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਕੇਂਦਰ ਦੀ ਬੀ.ਜੇ.ਪੀ. ਸਰਕਾਰ ‘ਤੇ ਦਬਾਅ ਵਧਾਇਆ ਜਾ ਸਕੇ।
ਦੱਸਣਯੋਗ ਹੈ ਕਿ 29 ਨਵੰਬਰ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ।