ਭਾਰਤ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ’ਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਲੋਕ ਸੰਪਰਕ ਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ’ਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।
ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ, “ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।’’