ਟਰੈਕਟਰ ਪਰੇਡ: ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਕਿਹੜੀ ਕੀਤੀ ਅਪੀਲ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ‘ਟਰੈਕਟਰ ਰੈਲੀ’ ਦੌਰਾਨ ਵੀ ਉਸੇ ਤਰ੍ਹਾਂ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ, ਜਿਵੇਂ ਕਿ ਉਹ ਹੁਣ ਤਕ ਧਰਨਿਆਂ ਦੌਰਾਨ ਸ਼ਾਂਤੀ ਬਣਾਈ ਰੱਖੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਕੱਢੀ ਜਾ ਰਹੀ ਟਰੈਕਟਰ ਰੈਲੀ ਨੂੰ ਭਾਰਤੀ ਗਣਰਾਜ ਤੇ ਇਸ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਜਸ਼ਨਾਂ ਦਾ ਪ੍ਰਮਾਣ ਕਰਾਰ ਦਿੱਤਾ ਤੇ ਕੇਂਦਰ ਸਰਕਾਰ ਨੂੰ ਇੱਕ ਵਾਰ ਫੇਰ ਭਾਰਤੀ ਗਣਤੰਤਰ ਦੀ ਸੱਚੀ ਭਾਵਨਾ ’ਚ ਕਿਸਾਨ ਭਾਈਚਾਰੇ ਦੇ ਸੰਕਟ ਨੂੰ ਸੁਲਝਾਉਣ ਲਈ ਉਨ੍ਹਾਂ ਦੀ ਆਵਾਜ਼ ਸੁਣਨ ਦੀ ਅਪੀਲ ਕੀਤੀ। ਕੈਪਟਨ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਸੰਘਰਸ਼ਸ਼ੀਲ ਮਹੀਨਿਆਂ ’ਚ ਅਮਨ-ਸ਼ਾਂਤੀ ਕਿਸਾਨਾਂ ਦੇ ਜਮਹੂਰੀ ਸੰਘਰਸ਼ ਦੀ ਮਿਸਾਲ ਬਣੀ ਰਹੀ ਤੇ ਕੌਮੀ ਰਾਜਧਾਨੀ ’ਚ ਟਰੈਕਟਰ ਰੈਲੀ ਸਮੇਤ ਆਉਂਦੇ ਦਿਨਾਂ ’ਚ ਵੀ ਅੰਦੋਲਨ ਦੌਰਾਨ ਇਹੀ ਭਾਵਨਾ ਬਰਕਰਾਰ ਰਹਿਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ, ‘ਮੰਗਲਵਾਰ ਨੂੰ ਕੌਮੀ ਰਾਜਧਾਨੀ ਦੀਆਂ ਸੜਕਾਂ ਤੋਂ ਤੁਹਾਡੇ ਟਰੈਕਟਰ ਲੰਘਣ ਦਾ ਦ੍ਰਿਸ਼ ਇਸ ਤੱਥ ਦਾ ਸੂਚਕ ਹੋਵੇਗਾ ਕਿ ਗਣਤੰਤਰ ਦੇ ਸਿਧਾਂਤਾਂ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ ਤੇ ਨਾ ਹੀ ਇਨ੍ਹਾਂ ਨੂੰ ਨਖੇੜਿਆ ਜਾ ਸਕਦਾ ਹੈ। ਕਿਸਾਨਾਂ ਵੱਲੋਂ ਹੋਂਦ ਦੀ ਖਾਤਰ ਕੀਤਾ ਜਾ ਰਿਹਾ ਸੰਘਰਸ਼ ਸਾਨੂੰ ਹਮੇਸ਼ਾ ਇਸ ਸੱਚ ਦੀ ਯਾਦ ਦਿਵਾਏਗਾ ਕਿ ਭਾਰਤੀ ਢਾਂਚੇ ਦੇ ਸਿਧਾਂਤਾਂ ਨੂੰ ਕੁਝ ਕੁ ਲੋਕਾਂ ਦੀ ਮਨਮਰਜ਼ੀ ਨਾਲ ਮਿਟਾਇਆ ਜਾਂ ਢਾਹਿਆ ਨਹੀਂ ਜਾ ਸਕਦਾ।’

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅੰਦੋਲਨ ਦੌਰਾਨ ਫੌਤ ਹੋਏ ਹਰੇਕ ਕਿਸਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਮੁਆਵਜ਼ੇ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਕੋਈ ਵੀ ਸੰਭਵ ਮਦਦ ਮੁਹੱਈਆ ਕਰਨ ਲਈ ਤਿਆਰ ਹੈ। ਭਾਰਤ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਉਣ ਲਈ ਦਿੱਲੀ ਦੀ ਸਰਹੱਦ ’ਤੇ ਡਟੇ ਕਿਸਾਨਾਂ ਦੇ ਪਰਿਵਾਰਾਂ ਤੱਕ ਪਹੁੰਚ ਜਾਰੀ ਰੱਖੀ ਜਾਵੇਗੀ।

Share This Article
Leave a Comment