ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।