ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਲੜਕੀ ਅਤੇ ਇੱਕ ਛੋਟੀ ਬੱਚੀ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸ੍ਰੀ ਦੁਰਗਾ ਦਲ ਸੇਵਾ ਸੰਮਤੀ ਚੈਰੀਟੇਬਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਮਾਣਾ ਦੇ ਸਿਵਲ ਹਸਪਤਾਲ ਭੇਜਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ, ਹਰਿਆਣਾ ਦੇ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਜਾਲਕੀਆਂ ਦੇ ਵਸਨੀਕ ਪ੍ਰੀਤਮ ਸਿੰਘ ਆਪਣੀ ਪਤਨੀ, ਇੱਕ ਨਜ਼ਦੀਕੀ ਰਿਸ਼ਤੇਦਾਰ ਲੜਕੀ ਅਤੇ ਇੱਕ ਛੋਟੀ ਬੱਚੀ ਸਮੇਤ ਇੱਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਨੇੜੇ ਪਿੰਡ ਗੁੱਜਰਾਂ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਪਾਤੜਾਂ ਬਾਈਪਾਸ ਚੌਕ ’ਤੇ ਮੋੜ ਮੁੜਦੇ ਸਮੇਂ ਉਨ੍ਹਾਂ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਬੱਸ ਨਾਲ ਟਕਰਾ ਗਿਆ।
ਹਾਦਸਾ ਇੰਨਾ ਗੰਭੀਰ ਸੀ ਕਿ ਪ੍ਰੀਤਮ ਸਿੰਘ ਅਤੇ ਉਸ ਦੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੋਟਰਸਾਈਕਲ ’ਤੇ ਸਵਾਰ ਲੜਕੀ ਅਮਨਪ੍ਰੀਤ ਕੌਰ ਅਤੇ ਛੋਟੀ ਬੱਚੀ ਪ੍ਰਿੰਸੀਆ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਤਫਤੀਸ਼ ਜਾਰੀ ਹੈ।