ਚੰਡੀਗੜ੍ਹ : ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਇੰਟ ਸਥਿਤ ਟੀ. ਸੀ. ਜੀ. ਫਰਨਸ ਇਕਾਈ ‘ਚ ਅੱਜ ਸਵੇਰੇ ਚੱਲਦੀ ਭੱਠੀ ‘ਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਘਟਨਾ ਦੌਰਾਨ 10 ਮਜ਼ਦੂਰ ਬੁਰੀ ਤਰ੍ਹਾਂ ਝੁਲਸੇ ਗਏ। ਜਿਨ੍ਹਾਂ ‘ਚੋਂ ਛੇ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਨੂੰ ਇਲਾਜ ਲਈ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਦੇ ਮੈਡੀਕਲ ਅਫਸਰ ਨੇ ਦੱਸਿਆ ਕਿ ਜ਼ਖਮੀ ਹੋਏ ਮਜ਼ਦੂਰਾਂ ‘ਚੋਂ 6 ਮਜ਼ਦੂਰਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ ‘ਚ ਚਾਰ ਮਜ਼ਦੂਰਾਂ ਦਾ ਇਲਾਜ ਚੱਲ ਰਿਹਾ ਹੈ।