ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਔਰਤਾਂ ਲਈ ਕੀਤੀ ਸ਼੍ਰੋਮਣੀ ਕਮੇਟੀ ਤੋਂ ਵੱਡੀ ਮੰਗ!

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ  ਗੁਰਬਾਣੀ ਦੇ ਲਾਈਵ ਪ੍ਰਸਾਰਣ ਦੀ ਇਜਾਜ਼ਤ ਸਾਰੇ ਟੀ. ਵੀ. ਚੈਨਲਾਂ ਤੇ ਰੇਡੀਓ ਸਟੇਸ਼ਨਾਂ ਨੂੰ ਦੇਣ ਬਾਰੇ ਸਦਨ ਅੱਗੇ ਮਤਾ ਪੇਸ਼ ਕੀਤਾ। ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ“ਗੁਰਬਾਣੀ ਇਸੁ ਜਗ ਮਹਿ ਚਾਨਣੁ “ , ਜਿਹੜਾ ਦੁਨੀਆਂ ਦੇ ਕੋਨੇ-ਕੋਨੇ ਤੇ ਘਰ-ਘਰ ਤੱਕ ਪਹੁੰਚਣਾ ਚਾਹੀਦਾ ਹੈ। ਰਜਿੰਦਰ ਸਿੰਘ ਬਾਜਵਾ ਨੇ ਸਦਨ ‘’ਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀ.ਵੀ. ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਤਾਂ ਉਹ ਕਰ ਸਕਣ।

ਇਸ ਤੋਂ ਇਲਾਵਾ ਬਾਜਵਾ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਇੱਕ ਅਜਿਹਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ, ਜਿਸ ‘ਚ ਕਿਸੇ ਮਨੁੱਖ ਨਾਲ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਜਾਂ ਔਰਤ-ਮਰਦ ਦੇ ਅਧਾਰ ‘ਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ।“”ਸੋ ਕਿਉ ਮੰਦਾ ਆਖੀਐ ਜਿਤ ਜੰਮਹਿ ਰਾਜਾਨ”“ ਪਰ ਅੱਜ 550 ਸਾਲ ਬੀਤਣ ਤੋਂ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਬੀਬੀਆਂ ਨੂੰ ਕੀਰਤਨ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਬਾਰੇ ਵੀ ਉਨ੍ਹਾਂ ਕਿਹਾ ਕਿ ਸਦਨ ਸ੍ਰੋਮਣੀ ਕਮੇਟੀ ਨੂੰ ਬੇਨਤੀ ਕਰੇ ਇਸ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਚਾਰ ਕਰੇ।

ਇਸ ਤੋਂ ਇਲਾਵਾ ਬਾਜਵਾ ਨੇ ਕਿਹਾ ਕਿ ਕੁਝ ਕੁ ਸ਼ਬਦਾਂ ਨੂੰ ਛੱਡ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਗੁਰਮੁਖੀ ਲਿਪੀ ‘ਚ ਲਿਖੀ ਗਈ ਪੰਜਾਬੀ ਬੋਲੀ ‘ਚ ਹੈ। ਇਸ ਲਈ ਜੇ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀਆਂ ਰਹਿਣ ਅਤੇ ਗੁਰਬਾਣੀ ਤੋਂ ਸੇਧ ਲੈਂਦੀਆਂ ਰਹਿਣ ਤਾਂ ਇਹ ਲਾਜ਼ਮੀ ਹੈ ਕਿ ਗੁਰਮੁਖੀ ਲਿਪੀ ਤੇ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ ਹੋਣਾ ਚਾਹੀਦਾ ਹੈ ਤੇ ਇਸ ਸਬੰਧੀ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸੁਝਾਅ ਪੇਸ਼ ਕਰਦਿਆਂ ਬਾਜਵਾ ਨੇ ਕਿਹਾ ਕਿ ਕਿ ਪੰਜਾਬ ‘ਚ ਸਾਰੇ ਦੇ ਸਾਰੇ ਸਾਈਨ ਬੋਰਡ ਭਾਵੇਂ ਉਹ ਸਰਕਾਰੀ ਵਿਭਾਗਾਂ ਦੇ ਹੋਣ ਜਾਂ ਪ੍ਰਾਈਵੇਟ ਸੰਸਥਾਵਾਂ ਦੇ ਉਹਨਾਂ ‘ਤੇ ਸਭ ਤੋਂ ਪਹਿਲਾਂ ਸੰਸਥਾ ਦਾ ਨਾਂ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ‘ਚ ਲਿਖਿਆ ਜਾਵੇਗਾ। ਉਸ ਤੋਂ ਬਾਅਦ ਕਿਸੇ ਵੀ ਭਾਸ਼ਾ ਜਾਂ ਭਾਸ਼ਾਵਾਂ ‘ਚ ਲਿਖਣ ਦੀ ਖੁੱਲ ਹੋਵੇਗੀ।

Share this Article
Leave a comment