ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਤੱਕ 24,000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਅਤੇ ਵਿਆਪਕ ਤਬਾਹੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਨਿਊਜ਼ ਏਜੰਸੀ ਐਸੋਸੀਏਟਡ ਪ੍ਰੈਸ ਨੇ ਇਹ ਜਾਣਕਾਰੀ ਦਿੱਤੀ ਹੈ।
ਤੁਰਕੀ ਦੇ ਰਾਜ ਮੀਡੀਆ ਅਨਾਦੋਲੂ ਦੇ ਅਨੁਸਾਰ, ਤੁਰਕੀ ਦੇ ਸਿਹਤ ਮੰਤਰੀ ਫਹਰਤਿਨ ਕੋਕਾ ਨੇ ਕਿਹਾ, ਇਸ ਹਫਤੇ ਦੇ ਭੂਚਾਲ ਵਿੱਚ ਘੱਟੋ-ਘੱਟ 20,213 ਲੋਕ ਮਾਰੇ ਗਏ ਹਨ ਅਤੇ 80,052 ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਮਲਬੇ ਤੋਂ ਬਚਾਏ ਗਏ ਨਾਗਰਿਕਾਂ ਨੂੰ ਭੂਚਾਲ ਪ੍ਰਭਾਵਿਤ ਖੇਤਰਾਂ ਤੋਂ ਬਾਹਰਲੇ ਸੂਬਿਆਂ ਵਿੱਚ ਭੇਜਿਆ ਗਿਆ ਹੈ। ਕੋਕਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਪਛਾਣ ਨਹੀਂ ਕੀਤੀ ਗਈ ਹੈ, ਉਨ੍ਹਾਂ ਦੀਆਂ ਡਿਜੀਟਲ ਤਸਵੀਰਾਂ ਮੈਚਿੰਗ ਲਈ ਵਿਸ਼ੇਸ਼ ਸਾਫਟਵੇਅਰ ‘ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਦੁਨੀਆ ਭਰ ਦੇ ਦੇਸ਼ਾਂ ਤੋਂ ਰਾਹਤ ਅਤੇ ਬਚਾਅ ਟੀਮਾਂ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਰਹੀਆਂ ਹਨ। ਭਾਰਤ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੀਆਂ ਟੀਮਾਂ ਭੇਜੀਆਂ ਸਨ। ਭਾਰਤ ਨੇ ਮਦਦ ਲਈ ‘ਆਪ੍ਰੇਸ਼ਨ ਦੋਸਤ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤੀ ਟੀਮਾਂ ਜਾਨ-ਮਾਲ ਬਚਾਉਣ ਲਈ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨਾ ਜਾਰੀ ਰੱਖਣਗੀਆਂ।