ਜਲੰਧਰ: ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਪੇਸ਼ੀ ‘ਤੇ ਆਏ ਦੋ ਗੈਂਗਸਟਰ ਪੁਲਿਸ ਟੀਮ ਨੂੰ ਵੇਖਦਿਆਂ ਹੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਬਚਣ ਦੀ ਕੋਸ਼ਿਸ਼ ਦੌਰਾਨ ਦੋਵਾਂ ਨੇ ਕੰਪਲੈਕਸ ਦੀ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ। ਹਾਲਾਂਕਿ, ਚੌਕਸ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦਿਆਂ ਤੁਰੰਤ ਪਿੱਛਾ ਕੀਤਾ ਅਤੇ ਦੋਵਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮੁਲਜ਼ਮ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਇੱਟਾਂ-ਪੱਥਰਾਂ ਦੇ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ ਸਨ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਕਿਸੇ ਹੋਰ ਮਾਮਲੇ ਦੀ ਸੁਣਵਾਈ ਲਈ ਜਲੰਧਰ ਅਦਾਲਤ ਕੰਪਲੈਕਸ ਪਹੁੰਚੇ ਸਨ। ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਤਾਂ ਪੁਲਿਸ ਨੂੰ ਦੇਖਦਿਆਂ ਹੀ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਛੱਤ ਤੋਂ ਛਾਲ ਮਾਰ ਦਿੱਤੀ। ਗੈਂਗਸਟਰਾਂ ਦੀ ਪਛਾਣ ਅਮਨ ਅਤੇ ਫਤਿਹ ਵਜੋਂ ਹੋਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ‘ਤੇ ਗੰਭੀਰ ਸੱਟ ਲੱਗ ਗਈ। ਪੁਲਿਸ ਟੀਮ ਵੱਲੋਂ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਥਾਨਿਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾਕਟਰੀ ਇਲਾਜ ਤੋਂ ਬਾਅਦ ਦੋਵਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੇਕਰ ਉਨ੍ਹਾਂ ‘ਤੇ ਲੱਗੇ ਆਰੋਪ ਸਹੀ ਸਾਬਤ ਹੁੰਦੇ ਹਨ ਤਾਂ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਪੁੱਛਗਿੱਛ ਮਗਰੋਂ ਪੂਰੇ ਮਾਮਲੇ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਸ਼੍ਰੀ ਦੇਵੀ ਤਲਾਬ ਮੰਦਰ ਪਰਿਸਰ ਵਿੱਚ ਆਮ ਆਦਮੀ ਪਾਰਟੀ (AAP) ਦੇ ਹਲਕਾ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਦੀ ਮੌਜੂਦਗੀ ਦੌਰਾਨ ਭਾਰੀ ਇੱਟਾਂ-ਰੋੜੇ ਚੱਲੇ ਸਨ। ਉਸ ਸਮੇਂ ਮੇਅਰ ਆਪਣੀ ਸ਼ੁਕਰਾਨਾ ਯਾਤਰਾ ਕੱਢ ਰਹੇ ਸਨ। ਇਸੇ ਦੌਰਾਨ ਫ਼ਤਿਹ ਗੈਂਗ ਅਤੇ ਭਾਨਾ ਗੈਂਗ ਦੇ ਮੈਂਬਰ ਆਹਮੋ-ਸਾਹਮਣੇ ਆ ਗਏ ਸਨ। ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਤਕਰਾਰ ਅਤੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧੜਿਆਂ ਨੇ ਇੱਕ-ਦੂਜੇ ‘ਤੇ ਬੇਰਹਿਮੀ ਨਾਲ ਪੱਥਰਬਾਜ਼ੀ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

