ਮਾਂਟਰੀਅਲ: ਵਿਦੇਸ਼ ਦੀ ਧਰਤੀ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਮਾਂਟਰੀਅਲ ਸ਼ਹਿਰ ਦੀ ਲਾਸ਼ੀਨ ਨਹਿਰ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਰਹਿਣ ਵਾਲੇ 26 ਸਾਲਾ ਲਵਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਟਾਲਾ (ਨੌਰੰਗਪੁਰ) ਦੇ ਇੱਕ ਹੋਰ ਨੌਜਵਾਨ ਵਜੋਂ ਹੋਈ ਹੈ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਦੋਸਤ ਮਾਂਟਰੀਅਲ ਦੀ ਲਾਸ਼ੀਨ ਨਹਿਰ ਦੇ ਕਿਨਾਰੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਅੰਮ੍ਰਿਤਸਰ ਦੇ ਰਹਿਣ ਵਾਲੇ ਨੌਜਵਾਨ ਦਾ ਪੈਰ ਫਿਸਲ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਉਸ ਨੂੰ ਬਚਾਉਣ ਲਈ ਲਵਪ੍ਰੀਤ ਸਿੰਘ ਵੀ ਪਾਣੀ ਵਿੱਚ ਡਿੱਗ ਪਿਆ, ਪਰ ਤੇਜ਼ ਵਹਾਅ ਅਤੇ ਡੂੰਘੇ ਪਾਣੀ ਕਾਰਨ ਦੋਵੇਂ ਡੁੱਬ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਮਾਂਟਰੀਅਲ ਫਾਇਰ ਡਿਪਾਰਟਮੈਂਟ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਵੱਡੇ ਪੱਧਰ ‘ਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਪਾਣੀ ਵਿੱਚੋਂ ਬਾਹਰ ਕੱਢ ਕੇ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਬਾਅਦ ਵਿੱਚ ਦੋਵਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਸ ਘਟਨਾ ਨੇ ਤਪਾ ਮੰਡੀ ਦੇ ਰਹਿਣ ਵਾਲੇ ਸਾਬਕਾ ਫ਼ੌਜੀ ਬਲਵੀਰ ਸਿੰਘ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਲਵਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਢਾਈ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਅਤੇ ਉੱਥੇ ਇੱਕ ਕੰਪਨੀ ਵਿੱਚ ਟ੍ਰਾਲਾ ਚਾਲਕ (ਡਰਾਈਵਰ) ਵਜੋਂ ਕੰਮ ਕਰ ਰਿਹਾ ਸੀ।
12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਪੁੱਤਰ ਦੇ ਸੁਨਹਿਰੀ ਭਵਿੱਖ ਲਈ ਸੀ.ਆਰ.ਪੀ.ਐਫ. ਦੇ ਸਾਬਕਾ ਜਵਾਨ ਬਲਵੀਰ ਸਿੰਘ ਨੇ ਆਪਣੀ ਦੋ ਏਕੜ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਜਿਸ ਪੁੱਤਰ ਨੂੰ ਚੰਗੇ ਭਵਿੱਖ ਲਈ ਵਿਦੇਸ਼ ਭੇਜਿਆ ਹੈ, ਉਸ ਦੀ ਮ੍ਰਿਤਕ ਦੇਹ ਵਾਪਸ ਆਵੇਗੀ। ਲਵਪ੍ਰੀਤ ਨੇ ਕਰੀਬ 10 ਦਿਨ ਪਹਿਲਾਂ ਹੀ ਪਰਿਵਾਰ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਹੁਣ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਤਾ-ਪਿਤਾ ਅਤੇ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਤਾ-ਪਿਤਾ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਮਾਜ ਸੇਵਕਾਂ ਤੇ ਐਨ.ਆਰ.ਆਈਜ਼ ਪਾਸੋਂ ਮਦਦ ਦੀ ਅਪੀਲ ਕੀਤੀ ਹੈ।

