ਨਵੀ ਦਿੱਲੀ : ਸਾਲਾਂ ਤੱਕ ਵਿਦੇਸ਼ ਵਿੱਚ ਰਹਿ ਕੇ ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਹੁਣ ਭਾਰਤੀ ਜਾਂਚ ਏਜੰਸੀਆਂ ਦੇ ਸ਼ਿਕੰਜੇ ਵਿੱਚ ਹੈ। ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਇੱਕ ਵੱਡੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੂੰ ਅਹਿਮ ਸਫਲਤਾ ਮਿਲੀ ਹੈ। ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਮੁਲਜ਼ਮ ਕਮਲੇਸ਼ ਪਾਰੇਖ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਂਦਾ ਗਿਆ ਹੈ। ਪਾਰੇਖ ਨੂੰ ਦਿੱਲੀ ਪਹੁੰਚਦਿਆਂ ਹੀ ਸੀ.ਬੀ.ਆਈ. ਨੇ ਹਿਰਾਸਤ ਵਿੱਚ ਲੈ ਲਿਆ।
ਇਹ ਕਾਰਵਾਈ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ ਨੇਪਰੇ ਚਾੜ੍ਹੀ ਗਈ। ਪਾਰੇਖ ਦੇ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਸੀ, ਜਿਸ ਦੇ ਆਧਾਰ ‘ਤੇ ਉਸ ਨੂੰ ਯੂ.ਏ.ਈ. ਵਿੱਚ ਟਰੈਕ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ। ਭਾਰਤ ਦੀ ਰਸਮੀ ਬੇਨਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸ ਨੂੰ ਭਾਰਤੀ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਗਿਆ।
ਜਾਂਚ ਏਜੰਸੀਆਂ ਅਨੁਸਾਰ, ਕਮਲੇਸ਼ ਪਾਰੇਖ ‘ਤੇ ਵੱਡੇ ਪੱਧਰ ‘ਤੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਦੋਸ਼ ਹਨ। ਇਸ ਘੁਟਾਲੇ ਵਿੱਚ ਦੇਸ਼ ਦੇ ਕਈ ਬੈਂਕਾਂ ਦੇ ਸਮੂਹ ਨੂੰ ਭਾਰੀ ਨੁਕਸਾਨ ਹੋਇਆ, ਜਿਸ ਦੀ ਅਗਵਾਈ ਸਟੇਟ ਬੈਂਕ ਆਫ਼ ਇੰਡੀਆ (SBI) ਕਰ ਰਿਹਾ ਸੀ। ਅਨੁਮਾਨ ਹੈ ਕਿ ਇਸ ਮਾਮਲੇ ਵਿੱਚ ਸੈਂਕੜੇ ਕਰੋੜ ਰੁਪਏ ਦੀ ਰਕਮ ਦੀ ਦੁਰਵਰਤੋਂ ਕੀਤੀ ਗਈ।
ਸੀ.ਬੀ.ਆਈ. ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਰੇਖ ਨੇ ਹੋਰ ਪ੍ਰਮੋਟਰਾਂ ਅਤੇ ਨਿਰਦੇਸ਼ਕਾਂ ਨਾਲ ਮਿਲ ਕੇ ਬੈਂਕ ਤੋਂ ਲਏ ਫੰਡਾਂ ਨੂੰ ਵਿਦੇਸ਼ਾਂ ਵਿੱਚ ਸਥਿਤ ਕੰਪਨੀਆਂ ਰਾਹੀਂ ਡਾਇਵਰਟ ਕੀਤਾ। ਇਸ ਦੇ ਲਈ ਜਾਅਲੀ ਨਿਰਯਾਤ ਗਤੀਵਿਧੀਆਂ, ਸ਼ੱਕੀ ਵਿੱਤੀ ਲੈਣ-ਦੇਣ ਅਤੇ ਬੈਂਕਿੰਗ ਚੈਨਲਾਂ ਦੀ ਦੁਰਵਰਤੋਂ ਦਾ ਸਹਾਰਾ ਲਿਆ ਗਿਆ।ਸੂਤਰਾਂ ਮੁਤਾਬਕ, ਮੁਲਜ਼ਮ ਨੇ ਯੂ.ਏ.ਈ. ਸਮੇਤ ਕਈ ਦੇਸ਼ਾਂ ਵਿੱਚ ਫੈਲੇ ਆਪਣੇ ਕਾਰੋਬਾਰੀ ਨੈੱਟਵਰਕ ਦੀ ਵਰਤੋਂ ਕਰਕੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ। ਜਾਂਚ ਏਜੰਸੀਆਂ ਹੁਣ ਉਸ ਕੋਲੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਅਤੇ ਹੋਰ ਮੁਲਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

