ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਅੰਮ੍ਰਿਤਪਾਲ ਸਿੰਘ ਗ੍ਰਿਫਤਾਰੀ ਦੇ ਖਿਲਾਫ਼ ਲੰਡਨ ਵਿਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭੰਨਤੋੜ ਦਾ ਦੋਸ਼ ਪ੍ਰਦਰਸ਼ਨਕਾਰੀਆਂ ਤੇ ਲਗਾਇਆ ਜਾ ਰਿਹਾ ਹੈ। ਭੰਨਤੋੜ ਦਾ ਮੁੱਦਾ ਵੀਰਵਾਰ ਨੂੰ ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿੱਚ ਉਠਾਇਆ ਗਿਆ। ਇਸ ਦੌਰਾਨ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਇਸ’ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਬੌਬ ਬਲੈਕਮੈਨ ਨੇ ਹਿੰਸਾ ਵਿਚ ਸ਼ਾਮਲ ਸੰਗਠਨਾਂ ‘ਤੇ ਪਾਬੰਦੀ ਲਗਾਉਣ ਦੇ ਉਪਾਵਾਂ ‘ਤੇ ਸਦਨ ਵਿਚ ਚਰਚਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਵਿਰੋਧੀ ਲੇਬਰ ਪਾਰਟੀ ਦੇ ਮੈਂਬਰ ਗੈਰੇਥ ਥਾਮਸ ਨੇ ਹਾਊਸ ਆਫ ਕਾਮਨਜ਼ ਦੇ ਸਪੀਕਰ ਨੂੰ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਦੱਸਣ ਲਈ ਕਿਹਾ ਹੈ।
ਸਦਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੈਨੀ ਮੋਰਡੌਂਟ ਨੇ ਵਿਦੇਸ਼ ਮੰਤਰੀ ਜੇਮਸ ਕਲੀਵਰਲੇ ਦੇ ਪਹਿਲਾਂ ਦਿੱਤੇ ਬਿਆਨ ਨੂੰ ਦੁਹਰਾਉਂਦੇ ਹੋਏ ਇੱਥੇ ਭਾਰਤੀ ਮਿਸ਼ਨ ਦੇ ਆਲੇ-ਦੁਆਲੇ ਸੁਰੱਖਿਆ ਉਪਾਵਾਂ ਦੀ ਸਮੀਖਿਆ ਦਾ ਐਲਾਨ ਕੀਤਾ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਸੀਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਈ ਭੰਨਤੋੜ ਅਤੇ ਹਿੰਸਾ ਦੀਆਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਹਾਈ ਕਮਿਸ਼ਨ ਅਤੇ ਇਸ ਦੇ ਸਟਾਫ਼ ਵਿਰੁੱਧ ਅਜਿਹੀਆਂ ਹਰਕਤਾਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ।