ਚੰਡੀਗੜ੍ਹ: ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੂਬੇ ਵਿਚ ਜ਼ਹਿਰੀਲੇ ਸ਼ਰਾਬ ਕਾਂਡ ਬਾਰੇ ਸ਼ੁਰੂ ਕੀਤੀ ਗਏ ਅੰਦੋਲਨਾਂ ਦੀ ਕੜੀ ਵਿਚ ਸੂਬਾ ਭਾਜਪਾ ਕੋਰ ਗਰੁੱਪ, ਪ੍ਰਦੇਸ਼ ਅਹੁਦੇਦਾਰ, ਭਾਜਪਾ ਦੇ ਸਾਬਕਾ ਮੰਤਰੀ, ਭਾਜਪਾ ਦੇ ਚੋਣ ਨਿਸ਼ਾਨ ਹੇਠ ਵਿਧਾਇਕ ਦੀ ਚੋਣ ਲੜਨ ਵਾਲੇ ਉਮੀਦਵਾਰ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ 21 ਅਗਸਤ 2020 ਸ਼ੁਕਰਵਾਰ ਨੂੰ ਸਵੇਰੇ 11:30 ਵਜੇ ਚੰਡੀਗੜ੍ਹ ਦੇ ਸੈਕਟਰ-17, ਨੇੜੇ ਸ਼ਿਵਾਲਿਕ ਹੋਟਲ ਤੋਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘੇਰਾਓ ਕਰਨ ਲਈ ਜਾਣਗੇ ਇਹ ਜਾਣਕਾਰੀ ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਦਿੱਤੀ।
ਜੀਵਨ ਗੁਪਤਾ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਕਾਂਡ ਬਾਰੇ ਸੀਬੀਆਈ ਜਾਂਚ ਕਰਵਾਉਣ ਲਈ ਸੂਬਾ ਭਾਜਪਾ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਭਾਜਪਾ ਨੇ ਪੰਜਾਬ ਦੀ ਨਿਕੱਮੀ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ, ਜਿਸ ਤਹਿਤ ਭਾਜਪਾ ਦੇ ਵੱਖ-ਵੱਖ ਮੋਰਚਿਆਂ ਵੱਲੋਂ ਸਫਲ ਪ੍ਰਦਰਸ਼ਨ ਕੀਤੇ ਗਏ ਹਨ। ਇਸੇ ਕੜੀ ਵਿਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸੂਬਾ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜ਼ਹਿਰੀਲੇ ਸ਼ਰਾਬ ਕਾਂਡ ਵਿੱਚ ਨਿਆਂ ਮਿਲਣ ਤੱਕ ਸੰਘਰਸ਼, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦਾ ਸੰਘਰਸ਼ ਲਗਾਤਾਰ ਜਾਰੀ ਹੈ।
ਜੀਵਨ ਗੁਪਤਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਰੋਸ-ਪ੍ਰਦਰਸ਼ਨ ਕੀਤਾ ਜਾਵੇਗਾ।