ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਇਕ ਪਾਸੇ ਜਿਥੇ ਲਗਾਤਾਰ ਅੱਠ ਦਿਨਾਂ ਤੋਂ ਬਗੈਰ ਕੁਝ ਖਾਏ ਪੀਏ ਦੋ ਅਧਿਆਪਕ ਟਾਵਰ ਉਪਰ ਡਟੇ ਹੋਏ ਹਨ। ਤਾਂ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਲਗਾਤਾਰ ਚਾਰ ਜਨਵਰੀ ਤੋਂ ਸੰਗਰੂਰ ਡੀਸੀ ਦਫਤਰ ਅੱਗੇ ਪੱਕਾ ਧਰਨਾ ਲਾਈ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ। ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਬਾਰਾਂਦਰੀ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਵਾਈ.ਪੀ.ਐਸ ਚੌਕ ਕੋਲ ਪਹੁੰਚੇ ਤਾਂ ਉਥੇ ਭਾਰੀ ਪੁਲੀਸ ਫੋਰਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕਿਆ ਗਿਆ। ਇਸ ਦੌਰਾਨ ਜਦੋਂ ਅਧਿਆਪਕਾਂ ਨੇ ਪੁਲਿਸ ਦੇ ਨਾਕੇ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤਾ ਤਾਂ ਪੁਲਿਸ ਨੇ ਉਹਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਵਿੱਚ ਕਈ ਅਧਿਆਪਕ ਜ਼ਖਮੀ ਹੋ ਗਏ। ਮਾਹੌਲ ਵਿਗੜਦਾ ਦੇਖ ਪੁਲਿਸ ਨੇ 200 ਤੋਂ ਵੱਧ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ ਤੇ ਰਾਜਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਈ.ਟੀ.ਟੀ. ਸਿਰਫ਼ ਪ੍ਰਾਇਮਰੀ ਅਧਿਆਪਕਾਂ ਲਈ ਤੇ ਬੀ.ਐੱਡ ਅਪਰ ਪ੍ਰਾਇਮਰੀ ਅਧਿਆਪਕਾਂ ਲਈ ਕੋਰਸ ਕਰਵਾਇਆ ਜਾਂਦਾ ਹੈ। ਜਦੋਂ ਪ੍ਰਾਇਮਰੀ ਅਧਿਆਪਕ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਵਿਚਾਰ ਕੇ ਈ.ਟੀ.ਟੀ. ਕਰ ਰਹੇ ਉਮੀਦਵਾਰ ਜਾਂ ਕਰ ਚੁੱਕੇ ਉਮੀਦਵਾਰ ਉਨ੍ਹਾਂ ਲਈ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੇ ਪੱਧਰ ‘ਤੇ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਜਦੋਂ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਰ ਰਹੇ ਜਾਂ ਕਰ ਚੁੱਕੇ ਉਮੀਦਵਾਰ ਬੇਰੁਜ਼ਗਾਰ ਬੈਠੇ ਹਨ। ਉਸ ਸਮੇਂ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਉੱਪਰ ਡਾਕਾ ਮਾਰ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹੀ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਸ ਵੱਲੋਂ ਲਿਆ ਗਿਆ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਈ.ਟੀ.ਟੀ. ਦੇ ਉਪਰ ਪਹਿਲ ਦੇ ਆਧਾਰ ਤੇ ਸਿਰਫ ਈ.ਟੀ.ਟੀ. ਤੇ ਉਮੀਦਵਾਰ ਨੂੰ ਹੀ ਵਿਚਾਰਿਆ ਜਾਵੇ। ਜੇਕਰ ਪੰਜਾਬ ਸਰਕਾਰ ਇਹ ਫੈਸਲਾ ਜਲਦ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਤੇ ਤਿੱਖੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।