ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਰਕਾਰ ਵਿਰੁੱਧ ਪ੍ਰਦਰਸ਼ਨ, ਸ਼ਰੇਆਮ ਦਿੱਤੀ ਧਮਕੀ,

TeamGlobalPunjab
2 Min Read

ਸੰਗਰੂਰ : ਰੁਜ਼ਗਾਰ ਪ੍ਰਾਪਤੀ ਲਈ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਹਰ ਦਿਨ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਦੇ ਚਲਦਿਆਂ ਬੀਤੇ ਦਿਨੀਂ ਕਈ ਅਧਿਆਪਕ ਪ੍ਰਦਰਸ਼ਨ ਦੌਰਾਨ ਹੋਈਆਂ ਝੜਪਾਂ ‘ਚ ਜ਼ਖਮੀ ਵੀ ਹੋ ਗਏ ਸਨ। ਪਰ ਇਸ ਦੇ ਚਲਦਿਆਂ ਅੱਜ ਇੱਕ ਵਾਰ ਫਿਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੱਤਾਧਾਰੀ ਕਾਂਗਰਸ ਸਰਕਾਰ ਵਿਰੁੱਧ ਦੱਬ ਕੇ ਭੜਾਸ ਕੱਢੀ ਅਤੇ ਨਾਅਰੇਬਾਜੀ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਬੀਤੀ ਕੱਲ੍ਹ ਕੈਬਨਿਟ ਅੰਦਰ ਲਿਆ ਗਿਆ ਫੈਸਲਾ ਉਨ੍ਹਾਂ ਨੂੰ ਨਾ ਮਨਜੂਰ ਹੈ। ਉਨ੍ਹਾਂ ਕਿਹਾ ਕਿ ਬੀਤੀ ਕੱਲ੍ਹ ਸਰਕਾਰ ਵੱਲੋਂ ਬੀ.ਐਡ ਦੀਆਂ ਮਾਤਰ 2000 ਦੇ ਕਰੀਬ ਅਤੇ ਈਟੀਟੀ ਦੀਆਂ ਕਰੀਬ 500 ਪੋਸਟਾਂ ਕੱਢ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਗੱਲ ‘ਤੇ ਗੌਰ ਨਹੀਂ ਕੀਤੀ ਜਾਵੇਗੀ ਤਾਂ ਗਣਤੰਤਰ ਦਿਵਸ ਮੌਕੇ ਉਨ੍ਹਾਂ ਵੱਲੋਂ ਕੋਈ ਗੁਪਤ ਐਕਸ਼ਨ ਲਿਆ ਜਾਵੇਗਾ।

ਦੱਸ ਦਈਏ ਕਿ ਬੀਤੀ ਕੱਲ੍ਹ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਵਿੱਚ ਵੱਖ ਵੱਖ ਕੇਡਰ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸਕੂਲ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਹ ਭਰਤੀ ਨਾ ਮਨਜੂਰ ਕਰ ਦਿੱਤੀ ਗਈ ਹੈ।

Share this Article
Leave a comment