ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਇਸ ਨਿਯਮ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ ਨਿਯਮ, 2022 ਕਿਹਾ ਜਾਵੇਗਾ, ਜੋ 1 ਅਪਰੈਲ 2022 ਤੋਂ ਹੀ ਲਾਗੂ ਕਰ ਦਿੱਤੇ ਜਾਣਗੇ।
ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸੇਵਾ ਨਿਯਮ ਲਾਗੂ ਹੁੰਦੇ ਸਨ ਪਰ ਬੀਤੇ ਐਤਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਯਮਾਂ ਨੂੰ ਬਦਲਕੇ ਕੇਂਦਰੀ ਸੇਵਾ ਨਿਯਮ ਲਾਗੂ ਕਰ ਦਿੱਤੇ, ਜਿਸ ਦਾ ਪੰਜਾਬ ਵਿੱਚ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਸਾਂਸਦਾਂ ਨੇ ਲੋਕਸਭਾ ਵਿੱਚ ਵਿਰੋਧ ਕੀਤਾ ਕਿ ਇਸ ਨੋਟੀਫਿਕੇਸ਼ਨ ਨੂੰ ਜਾਰੀ ਨਾਂ ਕੀਤਾ ਜਾਵੇ ਪਰ ਕੇਂਦਰ ਸਰਕਾਰ ਨੇ ਇਸ ਗੱਲ ਨੂੰ ਨਜ਼ਰਅੰਦਾਜ਼ ਕਰਦੇ ਹੋਏ ਮੰਗਲਵਾਰ ਦੇਰ ਰਾਤ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।