ਉਨਾਓ ਮਾਮਲੇ ‘ਚ ਸੁਪਰੀਮ ਕੋਰਟ ਤੋਂ ਕੁਲਦੀਪ ਸੇਂਗਰ ਨੂੰ ਵੱਡਾ ਝਟਕਾ; ਜ਼ਮਾਨਤ ਫੈਸਲੇ ‘ਤੇ ਲੱਗੀ ਰੋਕ

Global Team
3 Min Read

ਨਵੀ ਦਿੱਲੀ : ਉਨਾਓ ਜਬਰ ਜਨਾਹ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਜ਼ਮਾਨਤ ਦੇਣ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸੇਂਗਰ ਨੂੰ ਦਿੱਲੀ ਹਾਈ ਕੋਰਟ ਨੇ 23 ਦਸੰਬਰ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਣ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ।

ਦੱਸ ਦਈਏ ਕਿ ਸੀਬੀਆਈ ਨੇ ਤਿੰਨ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਇਹ ਸੁਣਵਾਈ ਸੋਮਵਾਰ ਨੂੰ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਦੇ ਸਾਹਮਣੇ ਹੋਈ। ਬੈਂਚ ਨੇ ਲਗਭਗ 40 ਮਿੰਟਾਂ ਤੱਕ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ।

ਸੁਣਵਾਈ ਦੀ ਸ਼ੁਰੂਆਤ ਵਿੱਚ ਸੀਬੀਆਈ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਅਦਾਲਤ ਨੂੰ ਦਲੀਲ ਦਿੱਤੀ ਕਿ “ਇਹ ਇੱਕ ਬੱਚੀ ਨਾਲ ਕੀਤਾ ਭਿਆਨਕ ਬਲਾਤਕਾਰ ਹੈ।” ਸੀਬੀਆਈ ਨੇ ਦਲੀਲ ਦਿੱਤੀ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਜ਼ਾ ਨੂੰ ਰੱਦ ਕਰਨਾ ਗਲਤ ਸੀ। ਪੀੜਤ ਨਾਬਾਲਗ ਸੀ ਅਤੇ ਇਹ ਮਾਮਲਾ ਸਮਾਜ ਲਈ ਹੈਰਾਨ ਕਰਨ ਵਾਲਾ ਹੈ। ਅਜਿਹੇ ਮਾਮਲਿਆਂ ਵਿੱਚ ਨਰਮੀ ਗਲਤ ਸੁਨੇਹਾ ਦੇਵੇਗੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬਲਾਤਕਾਰ ਪੀੜਤਾ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੀ ਜ਼ਮਾਨਤ ਵਿਰੁੱਧ ਦਿੱਲੀ ਸਥਿਤ ਸੀਬੀਆਈ ਦਫ਼ਤਰ ਪਹੁੰਚੀ ਸੀ। ਜਿਥੇ ਉਸਨੇ ਜ਼ਮਾਨਤ ਨੂੰ ਚੁਣੌਤੀ ਦੇਣ ਲਈ ਅਰਜ਼ੀ ਦਾਇਰ ਕੀਤੀ। 23 ਦਸੰਬਰ ਨੂੰ, ਦਿੱਲੀ ਹਾਈ ਕੋਰਟ ਨੇ ਕੁਲਦੀਪ ਸੇਂਗਰ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਸੀ। ਉਦੋਂ ਤੋਂ ਹੀ ਵਿਰੋਧ ਪ੍ਰਦਰਸ਼ਨ ਜਾਰੀ ਹਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਕੁਲਦੀਪ ਸਿੰਘ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਕੇਂਦਰੀ ਜਾਂਚ ਬਿਊਰੋ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment