ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅੰਨਦਾਤਾ ਦੇ ਹੱਕ ‘ਚ ਆਵਾਜ਼ ਬੁਲੰਦ ਰੱਖਾਂਗੇ-‘ਆਪ’

TeamGlobalPunjab
3 Min Read

ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਸੰਬੰਧੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਸੂਬਾ ਭਰ ‘ਚ ਪੁਤਲੇ ਫੂਕੇ ਅਤੇ ਮਾੜੀ ਸ਼ਬਦਾਵਲੀ ਲਈ ਅੰਨਦਾਤਾ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ।

ਇਸ ਸਮੇਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਖ਼ਿਲਾਫ਼ ਗ਼ੁੱਸਾ ਜ਼ਾਹਿਰ ਕਰਦਿਆਂ ‘ਆਪ’ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ,ਉਦੋਂ ਤੱਕ ਆਮ ਆਦਮੀ ਪਾਰਟੀ ਸੜਕ ਤੋ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ਼ ਬੁਲੰਦ ਰੱਖੇਗੀ।

ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ‘ਆਪ’ ਆਗੂਆਂ ਅਤੇ ਵਰਕਰਾਂ ਨੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂ ਸ਼ਹਿਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਹੋਰ ਥਾਵਾਂ ‘ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਪੁਤਲੇ ਫੂਕੇ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ।

- Advertisement -

ਪਾਰਟੀ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰੀ ਸਰਕਾਰ ‘ਤੇ ਦੋਸ਼ ਲਾਇਆ ਕਿ ਭਾਜਪਾ ਦੇ ਮੰਤਰੀ ਅਤੇ ਆਗੂ ਜਾਣਬੁੱਝ ਕੇ ਕਿਸਾਨਾਂ ਖ਼ਿਲਾਫ਼ ਮਾੜੀ ਭਾਸ਼ਾ ਦੀ ਵਰਤੋਂ ਕਰਦੇ ਹਨ ਤਾਂ ਜੋ ਕਿਸਾਨ ਗ਼ੁੱਸੇ ਵਿੱਚ ਆ ਕੇ ਗੈਰ ਸੰਵਿਧਾਨਕ ਗਤੀਵਿਧੀਆਂ ਨੂੰ ਅੰਜਾਮ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਕੋਈ ਗੁੰਡਾ-ਮਵਾਲੀ ਜਾਂ ਅੱਤਵਾਦੀ ਨਹੀਂ। ਦੇਸ਼ ਦਾ ਸੰਵਿਧਾਨ ਨਾਗਰਿਕਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦੀ ਪੂਰਨ ਆਜ਼ਾਦੀ ਦਿੰਦਾ ਹੈ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਕਾਨੂੰਨਦਾਤਾਵਾਂ ਸਮੇਤ ਵਿਸ਼ਵ ਭਰ ਦੇ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਪੂਰਾ ਸਮਰਥਨ ਦਿੱਤਾ ਹੈ।

ਬੀਬਾ ਲੇਖੀ ਨੂੰ ਭਾਜਪਾ ਦਾ ਇਤਿਹਾਸ ਜਾਣਨ ਦੀ ਸਲਾਹ ਦਿੰਦਿਆਂ ‘ਆਪ’ ਆਗੂਆਂ ਨੇ ਕਿਹਾ ਭਾਜਪਾ ਦੇ ਸਵਰਗਵਾਸੀ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਬੀਤੇ ਸਮੇਂ ਕਿਸਾਨਾਂ ਦੇ ਅੰਦੋਲਨ ਦਾ ਅੱਗੇ ਹੋ ਕੇ ਸਮਰਥਨ ਕਰਿਆ ਕਰਦੇ ਸਨ ਅਤੇ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਸਤਿਕਾਰ ਦਿੰਦੇ ਹੁੰਦੇ ਸਨ। ਪਰ ਅੱਜ ਸੱਤਾ ਦੇ ਨਸ਼ੇ ਵਿੱਚ ਗ੍ਰਸਤ ਭਾਜਪਾ ਆਗੂ ਅਤੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਵਿਰੋਧੀ ਤੱਕ ਗਰਦਾਨ ਰਹੀ ਹੈ। ਜਿਸ ਦਾ ਨਤੀਜਾ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾ ਵਿੱਚ ਭਾਜਪਾ ਵਿਰੁੱਧ ਐਲਾਨਿਆ ਜਾਵੇਗਾ।

Share this Article
Leave a comment