ਅੰਮ੍ਰਿਤਸਰ: ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਜਿਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ, ਆਪਣੇ ਦੇਸ਼ ਪਰਤ ਆਏ ਹਨ। ਉਨ੍ਹਾਂ ਨੂੰ ਲੈ ਕੇ ਅਮਰੀਕੀ ਫੌਜ ਦਾ ਸੀ-17 ਜਹਾਜ਼ ਦੁਪਹਿਰ ਕਰੀਬ 2 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਸ ਜਹਾਜ਼ ਨੂੰ ਯਾਤਰੀ ਟਰਮੀਨਲ ਦੀ ਬਜਾਏ ਏਅਰਫੋਰਸ ਏਅਰਬੇਸ ‘ਤੇ ਉਤਾਰਿਆ ਗਿਆ ਹੈ।
ਅੰਮ੍ਰਿਤਸਰ ਏਅਰਪੋਰਟ ਦੇ ਸੁਰੱਖਿਆ ਅਧਿਕਾਰੀਆਂ ਮੁਤਾਬਿਕ ਇਨ੍ਹਾਂ ਲੋਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਇਮੀਗ੍ਰੇਸ਼ਨ ਅਤੇ ਕਸਟਮ ਕਲੀਅਰੈਂਸ ਤੋਂ ਬਾਅਦ ਇਨ੍ਹਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਮਰੀਕਾ ਨੇ ਕੁੱਲ੍ਹ 205 ਭਾਰਤੀਆਂ ਨੂੰ ਦੇਸ਼ ਨਿਕਾਲੇ ਲਈ ਮਾਰਕ ਕੀਤਾ ਹੈ। ਇਹ ਸਪੱਸ਼ਟ ਨਹੀਂ ਹੈ ਕਿ ਬਾਕੀ ਲੋਕ ਕਿੱਥੇ ਹਨ ਅਤੇ ਉਨ੍ਹਾਂ ਨੂੰ ਕਦੋਂ ਡਿਪੋਰਟ ਕੀਤਾ ਜਾਵੇਗਾ।
ਅੰਮ੍ਰਿਤਸਰ ਹਵਾਈ ਅੱਡੇ ‘ਤੇ ਲਿਆਂਦੇ ਗਏ 104 ਲੋਕਾਂ ‘ਚ ਹਰਿਆਣਾ ਅਤੇ ਗੁਜਰਾਤ ਤੋਂ 33, ਪੰਜਾਬ ਦੇ 30, ਮਹਾਰਾਸ਼ਟਰ ਦੇ 3, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ 2-2 ਲੋਕ ਸ਼ਾਮਲ ਹਨ। ਇਨ੍ਹਾਂ ਵਿੱਚ ਕੁੱਝ ਪਰਿਵਾਰ ਵੀ ਹਨ। ਇਸ ਤੋਂ ਇਲਾਵਾ 8-10 ਸਾਲ ਦੇ ਬੱਚੇ ਵੀ ਸ਼ਾਮਲ ਹਨ। ਸੁਰੱਖਿਆ ਅਧਿਕਾਰੀਆਂ ਮੁਤਾਬਿਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਲੋਕਾਂ ਨੂੰ ਸੜਕ ਰਾਹੀਂ ਘਰ ਭੇਜਿਆ ਜਾਵੇਗਾ। ਗੁਜਰਾਤ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਹੀ ਅੱਗੇ ਭੇਜਿਆ ਜਾ ਸਕਦਾ ਹੈ।
ਅਮਰੀਕੀ ਫੌਜੀ ਜਹਾਜ਼ ਨੂੰ ਭਾਰਤੀ ਸਮੇਂ ਮੁਤਾਬਕ 4 ਫਰਵਰੀ ਨੂੰ ਸਵੇਰੇ 3 ਵਜੇ ਅਮਰੀਕਾ ਤੋਂ ਰਵਾਨਾ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਪ੍ਰਵਾਸੀਆਂ ਨੂੰ ਭੇਜਣ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕਰ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬਾਹਰੀ ਲੋਕਾਂ ਨੂੰ ਡਿਪੋਰਟ ਕਰਨ ਦੇ ਆਦੇਸ਼ ਦਿੱਤੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

