ਕਿਸਾਨਾਂ ਲਈ ਮੁੱਲਵਾਨ ਨੁਕਤੇ – ਕਣਕ ਦੀ ਫ਼ਸਲ ਪੀਲੀ ਪੈਣ ‘ਤੇ ਕੀ ਕਰੀਏ?

TeamGlobalPunjab
10 Min Read

-ਵਿਵੇਕ ਕੁਮਾਰ

ਕਣਕ ਦੀ ਕਾਸ਼ਤ ਦੌਰਾਨ ਫ਼ਸਲ ਦਾ ਪੀਲਾ ਪੈ ਜਾਣਾ ਕਿਸਾਨਾਂ ਲਈ ਇੱਕ ਵੱਡੀ ਸਮੱਸਿਆ ਲੈ ਕੇ ਸਾਹਮਣੇ ਆਉਂਦਾ ਹੈ ਕਿਉਂਕਿ ਕਣਕ ਦੀ ਫ਼ਸਲ ਦੇ ਪੀਲੇਪਣ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਸਹੀ ਸਮੇਂ ਤੇ ਇਸ ਸਮੱਸਿਆ ਦਾ ਸਹੀ ਇਲਾਜ ਨਾ ਹੋਣ ਕਰਕੇ ਖੇਤੀ ਖਰਚੇ ਤਾਂ ਵਧਦੇ ਹੀ ਹਨ, ਕਈ ਵਾਰੀ ਫ਼ਸਲ ਦਾ ਨੁਕਸਾਨ ਵੀ ਕਾਫ਼ੀ ਹੋ ਜਾਂਦਾ ਹੈ ਜੋ ਕਿ ਝਾੜ ਘਟਣ ਦਾ ਕਾਰਨ ਬਣ ਜਾਂਦਾ ਹੈ। ਅਜਿਹੇ ਸਮੇਂ ਵਿੱਚ ਸਭ ਤੋਂ ਵੱਡਾ ਸਵਾਲ ਕਿਸਾਨ ਵੀਰਾਂ ਲਈ ਇਹ ਹੁੰਦਾ ਹੈ ਕਿ ਕਣਕ ਦੀ ਫ਼ਸਲ ਪੀਲੀ ਪੈਣ ਤੇ ਕੀ ਕਰੀਏ।

ਲੋੜ ਤੋਂ ਵੱਧ ਪਾਣੀ ਲੱਗਣਾ: ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ ਬਾਅਦ ਖਾਸ ਤੌਰ ਤੇ ਭਾਰੀਆਂ ਜ਼ਮੀਨਾਂ ਵਿੱਚ ਕਣਕ ਦੇ ਪੀਲੇ ਹੋਣ ਦੀ ਸਮੱਸਿਆ ਅਕਸਰ ਆ ਜਾਂਦੀ ਹੈ। ਇਸ ਦਾ ਕਾਰਨ ਇਹ ਹੁੰਦਾ ਹੈ ਕਿ ਭਾਰੀਆਂ ਜ਼ਮੀਨਾਂ ਵਿੱਚ ਪਾਣੀ ਜ਼ੀਰਨ ਦੀ ਰਫ਼ਤਾਰ ਬਹੁਤ ਘੱਟ ਹੁੰਦੀ ਹੈ। ਜ਼ਿਆਦਾ ਪਾਣੀ ਲੱਗਣ ਨਾਲ ਫ਼ਸਲ ਦੀਆਂ ਜੜ੍ਹਾਂ ਨੂੰ ਹਵਾ ਸਹੀ ਮਾਤਰਾ ਵਿੱਚ ਨਹੀਂ ਮਿਲਦੀ ਜਿਸ ਕਾਰਨ ਜੜ੍ਹਾਂ ਕੰਮ ਨਹੀਂ ਕਰ ਪਾਉਂਦੀਆਂ ਅਤੇ ਫ਼ਸਲ ਪੀਲੀ ਪੈ ਜਾਂਦੀ ਹੈ। ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਕਣਕ ਦੀ ਫ਼ਸਲ ਨੂੰ ਬਹੁਤਾ ਭਰਵਾਂ ਪਾਣੀ ਨਹੀਂ ਲਾਉਣਾ ਚਾਹੀਦਾ। ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਪਾਣੀ ਪਰਾਲੀ ਦੇ ਹੇਠੋਂ ਲੰਘਦਾ ਹੈ ਤੇ ਰਵਾਇਤੀ ਢੰਗ ਨਾਲ ਬੀਜੀ ਕਣਕ ਦੇ ਖੇਤਾਂ ਵਾਂਗ ਦਿਖਾਈ ਨਹੀਂ ਦਿੰਦਾ। ਇਸ ਲਈ ਕਿਸਾਨ ਓਨੀ ਦੇਰ ਪਾਣੀ ਬੰਦ ਨਹੀਂ ਕਰਦੇ ਜਿੰਨੀ ਦੇਰ ਪਾਣੀ ਪਰਾਲੀ ਦੇ ਉਪਰ ਦਿਖਾਈ ਨਹੀਂ ਦਿੰਦਾ ਅਤੇ ਇਸ ਤਰ੍ਹਾਂ ਸਿੰਚਾਈ ਭਾਰੀ ਹੋ ਜਾਂਦੀ ਹੈ। ਇਸਦੇ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਭਾਰੀਆਂ ਜ਼ਮੀਨਾਂ ਵਿੱਚ ਪਾਣੀ ਲਗਾਉਣ ਲਈ ਪ੍ਰਤੀ ਏਕੜ 8 ਕਿਆਰੇ ਅਤੇ ਹਲਕੀਆਂ ਜ਼ਮੀਨਾਂ ਵਿੱਚ 16 ਕਿਆਰੇ ਪਾ ਕੇ ਸਿੰਚਾਈ ਕਰਨ। ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਪਾਣੀ ਲਗਾਉਣ ਸਮੇਂ ਹੋਰ ਵੀ ਧਿਆਨ ਰੱਖਣ ਦੀ ਲੋੜ ਪੈਂਦੀ ਹੈ ਕਿਉਂਕਿ ਖੇਤ ਵਿੱਚ ਪਰਾਲੀ ਦੀ ਪਰਤ ਹੋਣ ਕਰਕੇ ਪਾਣੀ ਛੇਤੀ ਨਹੀਂ ਸੁੱਕਦਾ। ਇਸ ਲਈ ਹੈਪੀ ਸੀਡਰ ਵਾਲੀ ਕਣਕ ਵਿੱਚ ਪਹਿਲਾ ਪਾਣੀ ਹਲਕਾ ਅਤੇ ਕੁਝ ਦੇਰ ਨਾਲ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਹੈਪੀ ਸੀਡਰ ਵਾਲੀ ਕਣਕ ਵਿੱਚ ਹਲਕਾ ਪਾਣੀ ਲਾਉਣ ਲਈ ਝੋਨੇ ਦੀ ਬਿਜਾਈ ਵੇਲੇ ਹੀ ਛੋਟੇ ਕਿਆਰੇ ਪਾਓ ਜਾਂ ਕਣਕ ਦੀ ਬਿਜਾਈ ਤੋਂ ਬਾਅਦ ਕੇਤ ਵਿੱਚ ਘੱਟ ਤੋਂ ਘੱਟ ਦੋ ਕਿਆਰੇ ਜ਼ਰੂਰ ਪਾਉ।ਹਲਕੀਆਂ ਜ਼ਮੀਨਾਂ ਵਿੱਚ ਕਣਕ ਨੂੰ ਪਹਿਲਾ ਪਾਣੀ ਤਕਰੀਬਨ 25-30 ਦਿਨ ਅਤੇ ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ ਵਿੱਚ 30-35 ਦਿਨਾਂ ਤੱਕ ਲਾਉਣਾ ਚਾਹੀਦਾ ਹੈ। ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਪਾਣੀ ਮੌਸਮ ਦੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਗਾਇਆ ਜਾਵੇ।

ਨਾਈਟ੍ਰੋਜਨ ਦੀ ਘਾਟ: ਨਾਈਟ੍ਰੋਜਨ ਦੀ ਘਾਟ ਵੀ ਕਣਕ ਦੀ ਫ਼ਸਲ ਦੇ ਪੀਲੇ ਪੈਣ ਦਾ ਕਾਰਨ ਬਣ ਜਾਂਦੀ ਹੈ। ਨਾਈਟ੍ਰੋਜਨ ਦੀ ਘਾਟ ਪੁਰਾਣੇ ਪੱਤਿਆਂ ਤੋਂ ਸ਼ੁਰੂ ਹੁੰਦੀ ਹੈ ਜਿਸ ਨਾਲ ਹੇਠਲੇ ਪੁਰਾਣੇ ਪੱਤੇ ਪੀਲੇ ਜਾਂਦੇ ਹਨ। ਨਾਈਟ੍ਰੋਜਨ ਤੱਤ ਦੀ ਘਾਟ ਦਾ ਮੁੱਖ ਕਾਰਨ ਖਾਦਾਂ ਦੀ ਸਹੀ ਮਾਤਰਾ ਅਤੇ ਸਹੀ ਸਮੇਂ ਤੇ ਵਰਤੋਂ ਨਾ ਹੋਣਾ, ਜ਼ਮੀਨ ਵਿੱਚ ਨਾਈਟ੍ਰੋਜਨ ਤੱਤ ਦੀ ਜਮਾਂਦਰੂ ਤੌਰ ਤੇ ਘਾਟ ਅਤੇ ਜ਼ਿਆਦਾ ਮੀਂਹ ਪੈਣ ਨਾਲ ਨਾਈਟ੍ਰੋਜਨ ਤੱਤ ਦਾ ਜ਼ੀਰ ਜਾਣਾ ਆਦਿ ਹੁੰਦੀ ਹੈ। ਇਸ ਘਾਟ ਨੂੰ ਪੂਰਾ ਕਰਨ ਲਈ ਸਿਫ਼ਾਰਸ਼ ਮੁਤਾਬਿਕ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਖਾਦ ਪਾਉਣ ਲਈ ਸਮੇਂ ਅਤੇ ਮਾਤਰਾ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ।ਹੈਪੀਸੀਡਰ ਨਾਲ ਬੀਜੀ ਕਣਕ ਲਈ ਬਿਜਾਈ ਵੇਲੇ 65 ਕਿਲੋ ਡੀ ਏ ਪੀ ਪ੍ਰਤੀ ਏਕੜ ਪੋਰ ਦਿਓ। 40 ਕਿਲੋ ਯੂਰੀਏ ਦੀਆਂ ਦੋ ਬਰਾਬਰ ਕਿਸ਼ਤਾਂ ਪਹਿਲੇ ਪਾਣੀ ਅਤੇ ਦੂਜੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾਓ। ਯੂਰੀਆ ਪਾਉਣ ਤੋਂ ਤੁਰੰਤ ਬਾਅਦ ਪਾਣੀ ਲਾ ਦਿਉ। ਭਾਰੀਆਂ ਜ਼ਮੀਨਾਂ ਵਿੱਚ ਦੂਜਾ ਪਾਣੀ ਦੇਰ ਨਾਲ ਲੱਗਣ ਦੇ ਡਰ ਤੋਂ 35 ਕਿਲੋ ਯੂਰੀਆ ਬਿਜਾਈ ਤੋਂ ਪਹਿਲਾਂ ਅਤੇ ਬਾਕੀ ਬੱਚਦੀ ਯੂਰੀਆ ਪਹਿਲੇ ਪਾਣੀ ਤੋਂ ਪਹਿਲਾ ਛੱਟੇ ਨਾਲ ਪਾਓ। ਮਾੜੀਆਂ ਅਤੇ ਕਲਰਾਠੀਆਂ ਜ਼ਮੀਨਾਂ ਵਿੱਚ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ ਤੋਂ 25% ਵੱਧ ਨਾਈਟ੍ਰੋਜਨ ਪਾਉਣੀ ਚਾਹੀਦੀ ਹੈ। ਫ਼ਸਲ ਨੂੰ ਖੁਰਾਕੀ ਤੱਤਾਂ ਦੀ ਪੂਰਤੀ ਲਈ ਸਰਵਪੱਖੀ ਢੰਗ ਅਪਨਾਉਣੇ ਚਾਹੀਦੇ ਹਨ। ਖੜ੍ਹੀ ਫ਼ਸਲ ਵਿੱਚ ਨਾਈਟ੍ਰੋਜਨ ਤੱਤ ਦੀ ਘਾਟ ਪੂਰੀ ਕਰਨ ਲਈ 3% ਯੂਰੀਆ ਦੇ ਘੋਲ (3 ਕਿਲੋ ਯੂਰੀਆ 100 ਲਿਟਰ ਪਾਣੀ ਵਿੱਚ) ਦਾ ਛਿੜਕਾਅ ਕੀਤਾ ਜਾ ਸਕਦਾ ਹੈ।

- Advertisement -

ਮੈਂਗਨੀਜ਼ ਦੀ ਘਾਟ: ਮੈਂਗਨੀਜ਼ ਦੀ ਘਾਟ ਆਮ ਤੌਰ ਤੇ ਝੋਨਾ-ਕਣਕ ਫ਼ਸਲੀ ਚੱਕਰ ਵਾਲੀਆਂ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਵੇਖਣ ਵਿੱਚ ਆਉਂਦੀ ਹੈ। ਇਸ ਨਾਲ ਵੀ ਕਣਕ ਦੀ ਫ਼ਸਲ ਪੀਲੀ ਪੈ ਜਾਂਦੀ ਹੈ। ਇਸ ਦੀਆਂ ਨਿਸ਼ਾਨੀਆਂ ਬੂਟੇ ਦੇ ਵਿਚਕਾਰਲੇ ਪੱਤਿਆਂ ਤੇ ਦਿਖਾਈ ਦਿੰਦੀਆਂ ਹਨ। ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ਪੀਲੀ ਪੈ ਜਾਂਦੀ ਹੈ ਅਤੇ ਇਸ ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬੇ ਪੈ ਜਾਂਦੇ ਹਨ। ਪੱਤਿਆਂ ਦੇ ਮੁੱਢ ਵਾਲੇ 2/3 ਹਿੱਸੇ ਵਿੱਚ ਇਹ ਘਾਟ ਜ਼ਿਆਦਾ ਦਿਖਾਈ ਦਿੰਦੀ ਹੈ। ਬਾਅਦ ਵਿੱਚ ਇਹ ਧੱਬੇ ਨਾੜੀਆਂ ਵਿਚਕਾਰ, ਜਿਹੜੀਆਂ ਕਿ ਹਰੀਆਂ ਰਹਿੰਦੀਆਂ ਹਨ, ਇਕੱਠੇ ਹੋ ਕੇ ਇੱਕ ਲੰਮੀ ਧਾਰੀ ਦਾ ਆਕਾਰ ਧਾਰਨ ਕਰ ਲੈਂਦੇ ਹਨ। ਮੈਂਗਨੀਜ਼ ਦੀ ਘਾਟ ਪੂਰੀ ਕਰਨ ਲਈ 0.5% ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2-4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਨਾਲ ਬਾਅਦ ਵਿੱਚ ਧੁੱਪ ਵਾਲੇ ਦਿਨਾਂ ਵਿੱਚ ਕਰਨੇ ਚਾਹੀਦੇ ਹਨ।

ਗੰਧਕ ਦੀ ਘਾਟ: ਗੰਧਕ ਦੀ ਘਾਟ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਆਉਂਦੀ ਹੈ ਜਦੋਂ ਕਣਕ ਦੇ ਵਾਧੇ ਦੇ ਮੁੱਢਲੇ ਸਮੇਂ ਸਰਦੀਆਂ ਦੀ ਵਰਖ਼ਾ ਲੰਮੇ ਸਮੇਂ ਤੱਕ ਜਾਰੀ ਰਹੇ ਤਾਂ ਇਹ ਘਾਟ ਹੋਰ ਵੀ ਵੱਧ ਹੁੰਦੀ ਹੈ। ਇਸ ਦੀ ਘਾਟ ਵਿੱਚ ਬੂਟੇ ਦੇ ਨਵੇਂ ਪੱਤਿਆਂ ਦਾ ਰੰਗ ਨੋਕ ਨੂੰ ਛੱਡ ਕੇ ਹਲਕਾ ਪੀਲਾ ਪੈ ਜਾਂਦਾ ਹੈ ਜਦ ਕਿ ਹੇਠਲੇ ਪੱਤੇ ਲੰਮੇ ਸਮੇਂ ਤੱਕ ਹਰੇ ਹੀ ਰਹਿੰਦੇ ਹਨ। ਆਮ ਤੌਰ ਤੇ ਕਿਸਾਨ ਇਸ ਦੀ ਘਾਟ ਅਤੇ ਨਾਈਟ੍ਰੋਜਨ ਦੀ ਘਾਟ ਨੂੰ ਲੈ ਕੇ ਉਲਝਣ ਵਿੱਚ ਪੈ ਜਾਂਦੇ ਹਨ। ਨਾਈਟ੍ਰੋਜਨ ਦੀ ਘਾਟ ਨਾਲੋਂ ਇਸ ਘਾਟ ਦਾ ਇਹ ਫ਼ਰਕ ਹੈ ਕਿ ਨਾਈਟ੍ਰੋਜਨ ਦੀ ਘਾਟ ਹੇਠਲੇ ਪੱਤਿਆਂ ਦੇ ਪੀਲੇ ਹੋਣ ਨਾਲ ਸ਼ੁਰੂ ਹੁੰਦੀ ਹੈ। ਜਿੱਥੇ ਫ਼ਾਸਫ਼ੋਰਸ ਤੱਤ ਸਿੰਗਲ ਸੁਪਰਫ਼ਾਸਫ਼ੇਟ ਦੇ ਤੌਰ ਤੇ ਨਾ ਪਾਇਆ ਹੋਵੇ ਉਥੇ 100 ਕਿਲੋ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਪਹਿਲਾਂ ਪਾਉਣ ਨਾਲ ਗੰਧਕ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਜੇਕਰ ਖੜ੍ਹੀ ਫ਼ਸਲ ਵਿੱਚ ਗੰਧਕ ਦੀ ਘਾਟ ਜਾਪੇ ਤਾਂ ਇਸ ਸਮੇਂ ਵੀ ਜਿਪਸਮ ਦੀ ਵਰਤੋਂ ਕੀਤੀ ਜਾ ਸਕਦੀ ਹੈ।ਜਿਪਸਮ ਦੀ ਵਰਤੋਂ ਸਮੇਂ ਇਸ ਗੱਲ ਦਾ ਖਿਆਲ ਰੱਖਣਾ ਜ਼ਰੂਰੀ ਹੈ ਕਿ ਇਸ ਨੂੰ ਤਰੇਲ ਉਤਰਣ ਤੋਂ ਬਾਅਦ ਹੀ ਪਾਉਣਾ ਚਾਹੀਦਾ ਹੈ।

ਪੀਲੀ ਕੁੰਗੀ ਦਾ ਹਮਲਾ: ਇਸ ਬਿਮਾਰੀ ਦਾ ਹਮਲਾ ਹੋਣ ਨਾਲ ਵੀ ਫ਼ਸਲ ਪੀਲੀ ਪੈ ਜਾਂਦੀ ਹੈ। ਖੁਰਾਕੀ ਤੱਤਾਂ ਦੀ ਘਾਟ ਕਰਕੇ ਫ਼ਸਲ ਦੇ ਪੀਲੀ ਪੈਣ ਨਾਲੋਂ ਪੀਲੀ ਕੁੰਗੀ ਦਾ ਫ਼ਰਕ ਇਹ ਹੁੰਦਾ ਹੈ ਕਿ ਇਸ ਰੋਗ ਨਾਲ ਪੱਤਿਆਂ ਤੇ ਪੀਲੇ ਧੱਬੇ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਨ੍ਹਾਂ ਤੇ ਪੀਲਾ ਹਲਦੀ ਨੁਮਾ ਧੂੜਾ ਨਜ਼ਰ ਆਉਂਦਾ ਹੈ। ਜੇਕਰ ਬਿਮਾਰੀ ਵਾਲੇ ਪੱਤਿਆਂ ਨੂੰ ਹੱਥਾਂ ਨਾਲ ਛੂਹਿਆ ਜਾਵੇ ਤਾਂ ਇਹ ਪੀਲੇ ਰੰਗ ਦਾ ਧੂੜਾ ਹੱਥਾਂ ਨੂੰ ਲੱਗ ਜਾਂਦਾ ਹੈ। ਪੀਲੀ ਕੁੰਗੀ ਦਾ ਹਮਲਾ ਸਭ ਤੋਂ ਪਹਿਲਾਂ ਨੀਮ ਪਹਾੜੀ ਇਲਾਕਿਆਂ ਵਿੱਚ ਹੁੰਦਾ ਹੈ ਅਤੇ ਅੱਧ ਜਨਵਰੀ ਤੋਂ ਬਾਅਦ ਇਹ ਬਿਮਾਰੀ ਮੈਦਾਨੀ ਇਲਾਕਿਆਂ ਵਿੱਚ ਫ਼ੈਲ ਜਾਂਦੀ ਹੈ। ਫਰਵਰੀ-ਮਾਰਚ ਦੌਰਾਨ ਤੇਜ਼ ਹਵਾਵਾਂ ਨਾਲ ਪੈਣ ਵਾਲੇ ਮੀਂਹ ਇਸ ਬਿਮਾਰੀ ਨੂੰ ਵਧਾਉਂਦੇ ਹਨ। ਪੀਲੀ ਕੁੰਗੀ ਦੀ ਰੋਕਥਾਮ ਲਈ ਸਰਵਪੱਖੀ ਢੰਗ ਅਪਣਾਉਣੇ ਚਾਹੀਦੇ ਹਨ। ਇਸਦੇ ਲਈ ਕਣਕ ਦੀਆਂ ਪੀਲੀ ਕੁੰਗੀ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 725, ਉਨਤ ਪੀ ਬੀ ਡਬਲਯੂ 550, ਪੀ ਬੀ ਡਬਲਯੂ 752, ਪੀ ਬੀ ਡਬਲਯੂ 660, ਡਬਲਯੂ ਐਚ ਡੀ 943, ਪੀ ਡੀ ਡਬਲਯੂ 291 ਆਦਿ ਦੀ ਚੋਣ ਕਰਨੀ ਚਾਹੀਦੀ ਹੈ। ਖਾਸ ਤੌਰ ਤੇ ਨੀਮ ਪਹਾੜੀ ਇਲਾਕਿਆਂ ਵਿੱਚ ਅਕਤੂਬਰ ਦੇ ਮਹੀਨੇ ਕਣਕ ਦੀ ਬਿਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਕਿਸਾਨਾਂ ਨੂੰ ਆਪਣੀ ਫ਼ਸਲ ਦਾ ਲਗਾਤਾਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਬਿਮਾਰੀ ਨਜ਼ਰ ਆਉਣ ਤੇ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਉਪੇਰਾ 18.3 ਐਸ ਈ (ਪਾਈਰੈਕਲਸਟ੍ਰੋਬਿਨ+ ਇਪੋਕਸੀਕੋਨਾਜ਼ੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐੱਸ ਸੀ (ਐਜ਼ੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ਸਟਿਲਟ 25 ਈ ਸੀ/ਕੰਮਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨਾ ਚਾਹੀਦਾ ਹੈ। ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉਲੀਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ। ਲੋੜ ਪੈਣ ‘ਤੇ ਇਹ ਛਿੜਕਾਅ ਫਿਰ ਦੁਹਰਾਉਣਾ ਚਾਹੀਦਾ ਹੈ।

ਸੰਪਰਕ: 9855603629

Share this Article
Leave a comment