ਲੁਧਿਆਣਾ: ਜ਼ਿਲ੍ਹੇ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਅੱਜ ਕੌਮੀ ਇਨਸਾਫ ਮੋਰਚੇ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਟੋਲ ਫਰੀ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਰਿਹਾ ਹੈ। ਉਹਨਾਂ ਕਿਹਾ ਕਿ ਬੰਦੀ ਸਿੱਖਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਧਰਨੇ ਵਿੱਚ ਡਾਕਟਰ ਨਵਜੋਤ ਕੌਰ ਸਿੱਧੂ ਵੀ ਹਾਜ਼ਰ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬੇਸ਼ੱਕ ਕਿਸਾਨਾਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਇਸ ਵਿੱਚ ਦਖਲ ਅੰਦਾਜੀ ਕਰਕੇ ਪ੍ਰਧਾਨ ਮੰਤਰੀ ਅੱਗੇ ਪ੍ਰੈਸ਼ਰ ਬਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੰਦੀ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕੀਤੀਆਂ ਹਨ, ਉਹ ਕੋਈ ਰੇਪਿਸਟ ਨਹੀਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਧਰਨੇ ਵਿੱਚ ਆ ਕੇ ਇਹਨਾਂ ਦੀਆਂ ਮੰਗਾਂ ਨੂੰ ਪੁੱਛਣਾ ਚਾਹੀਦਾ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਸਾਡੀ ਭਾਰਤੀ ਰਾਸ਼ਟਰੀ ਪਾਰਟੀ ਵੱਲੋਂ ਵੀ ਆਪਣੀ ਜਥੇਬੰਦੀ ਦੇ ਤੌਰ ‘ਤੇ ਉਹ ਇੱਕ ਮੰਗ ਪੱਤਰ ਦੇਣਗੇ। ਇਸ ਤੋਂ ਇਲਾਵਾ ਉਹਨਾਂ ਬਾਕੀ ਪਾਰਟੀਆਂ ਤੋਂ ਵੀ ਸਮਰਥਨ ਦੀ ਮੰਗ ਕੀਤੀ ਹੈ।
ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਵੀ ਗੱਲਬਾਤ ਦੌਰਾਨ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਉਹਨਾਂ ਵੱਲੋਂ 4 ਜੁਲਾਈ ਨੂੰ ਰਾਜਪੁਰਾ ਵਿਖੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ 15 ਅਗਸਤ ਨੂੰ ਗਵਰਨਰ ਹਾਊਸ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮਸਲੇ ਨੂੰ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਗੰਭੀਰਤਾ ਨਾਲ ਲਵੇ ਅਤੇ ਬੰਦੀ ਸਿੱਖਾਂ ਨੂੰ ਜਲਦ ਰਿਹਾਅ ਕਰੇ।

