ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

Global Team
2 Min Read

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment